“ਆਪ” ਪਾਰਟੀ ਨੂੰ ਝਟਕਾ, ਬੀਬੀ ਸਹੋਤਾ ਮੁੜ ਕਾਂਗਰਸ ‘ਚ ਸ਼ਾਮਿਲ

ਜਿਹੜੇ ਆਪਣੇ ਵਰਕਰਾਂ ਦੇ ਫੋਨ ਨਹੀਂ ਚੁੱਕਦੇ, ਉਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਕੀ ਆਸ ਹੈ
ਭਦੌੜ-22ਅਪ੍ਰੈਲ- ਹਲਕਾ ਭਦੌੜ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਬੀਬੀ ਮਲਕੀਤ ਕੌਰ ਸਹੋਤਾ ਨੇ ਆਪ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਈ। ਮੰਗਲਵਾਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਬੀਬੀ ਸਹੋਤਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੇ ਵਰਕਰਾਂ ਦੀ ਬਾਂਹ ਫੜੀ ਹੈ ਤੇ ਉਨ੍ਹਾਂ ਨੂੰ ਸਮੇਂ ਸਮੇਂ ਤੇ ਬਣਦਾ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਤੇ ਮਹਿਲਾਵਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਵਿਕਾਸ ਕਾਂਗਰਸ ਦੀ ਸਰਕਾਰ ਸਮੇਂ ਹੋਇਆ, ਉਹ ਹੋਰ ਕਿਸੇ ਸਰਕਾਰ ਵਿਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਮਹਿਲਾ ਕਾਂਗਰਸ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪਾਰਟੀ ਦੀ ਬੇਹਤਰੀ ਲਈ ਕੰਮ ਕਰਦੀਆਂ ਮਹਿਲਾਵਾਂ ਨੂੰ ਅਹੁਦੇ ਦੇ ਕੇ ਉਨਾਂ ਨੂੰ ਜਿੰਮੇਵਾਰੀ ਸੌਂਪੀ ਜਾਵੇਗੀ। ਉਨਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਸੁਚੇਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜਨ। ਉਨ੍ਹਾਂ ਕਿਹਾ ਕਿ ਜੋ ਮਹਿਲਾਵਾਂ ਪਾਰਟੀ ਛੱਡ ਕੇ ਹੋਰ ਪਾਰਟੀ ‘ਚ ਗਈਆਂ ਹਨ, ਉਹ ਕਾਂਗਰਸ ਵਿੱਚ ਮੁੜ ਘਰ ਵਾਪਸੀ ਕਰਨ ਤਾਂ ਕਿ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਇਸ ਦੌਰਾਨ ਬੀਬੀ ਸਹੋਤਾ ਨੇ ਕਿਹਾ ਕਿ ਭਾਵੇਂ ਉਹ ਕੁਝ ਮਹੀਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ, ਪਰ ਆਮ ਆਦਮੀ ਪਾਰਟੀ ਵਿੱਚ ਸਿਰਫ ਵੋਟਾਂ ਸਮੇਂ ਹੀ ਵਰਕਰਾਂ ਨੂੰ ਯਾਦ ਕੀਤਾ ਜਾਂਦਾ ਹੈ। ਵੋਟਾਂ ਲੰਘਣ ਤੋਂ ਬਾਅਦ ਵਰਕਰਾਂ ਨੂੰ ਭੁਲਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 35 ਸਾਲ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ ਤੇ ਅੱਜ ਉਨ੍ਹਾਂ ਨੇ ਘਰ ਵਾਪਸੀ ਕਰਕੇ ਮੁੜ ਕਾਂਗਰਸ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਤੇ ਪੰਜਾਬ ਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਜਦ ਆਪਣੇ ਵਰਕਰਾਂ ਦੀ ਗੱਲ ਨਹੀਂ ਸੁਣਦੇ ਤਾਂ ਆਮ ਲੋਕਾਂ ਦੀ ਗੱਲ ਕੀ ਸੁਨਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਤੇ ਅਹੁਦੇਦਾਰ ਆਪਣੇ ਵਰਕਰਾਂ ਦਾ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਦੇ, ਉਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। ਵਿਧਾਇਕ ਕਾਲਾ ਢਿੱਲੋਂ ਨੇ ਬੀਬੀ ਸਹੋਤਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਹ ਹੁਣ ਕਾਂਗਰਸ ਦੀ ਮਜਬੂਤੀ ਲਈ ਯਤਨ ਕਰਨ ਤੇ ਆਮ ਲੋਕਾਂ ਤੱਕ ਕਾਂਗਰਸ ਦੀਆਂ ਨੀਤੀਆਂ ਨੂੰ ਪਹੁੰਚਾ ਕੇ ਪਾਰਟੀ ਨਾਲ ਜੋੜਨ। ਬੀਬੀ ਸਹੋਤਾ ਦੇ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਿਲ ਹੋਣ ਉਪਰੰਤ ਮਹਿਲਾ ਕਾਂਗਰਸ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਜਸਵਿੰਦਰ ਜੌਹਲ, ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਮਨਵਿੰਦਰ ਕੌਰ ਪੱਖੋ, ਗਿਆਨ ਕੌਰ ਸੰਘੇੜਾ, ਪਰਮਜੀਤ ਕੌਰ ਧੌਲਾ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਤੇ ਅਹੁਦੇਦਾਰਾਂ ਨੇ ਸਵਾਗਤ ਕੀਤਾ ਹੈ।
