ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ – ਭਗਵੰਤ ਮਾਨ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ਵਿੱਚ ਦੁਕਾਨਾਂ ਖੋਲ੍ਹ ਰੱਖੀਆਂ
ਬਠਿੰਡਾ -30 ਮਈ-ਸਰਕਾਰੀ ਪ੍ਰੈੱਸ ਬਿਆਨ ਮੁਤਾਬਿਕ ਭਗਵੰਤ ਮਾਨ ਨੇ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ।ਕਿਸਾਨ ਯੂਨੀਅਨਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ ਕਿਉਂਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਮ ’ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਲੀਡਰ ਗੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਕੇ ਵੱਡੀਆਂ ਜਾਇਦਾਦ ਦੇ ਮਾਲਕ ਬਣੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਦੀ ਸੂਬੇ ਦੇ ਕਈ ਹੋਟਲਾਂ ਤੇ ਹਸਪਤਾਲਾਂ ਵਿੱਚ ਵੀ ਹਿੱਸਾ ਪੱਤੀ ਹੈ। ਭਗਵੰਤ ਸਿੰਘ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਉਹ ਸਿਰਫ ਆਪਣੇ ਹਿੱਤ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਸੰਘਰਸ਼ ਕਰਨ ਦੀ ਆੜ ਵਿੱਚ ਕਿਸਾਨਾਂ ਪਾਸੋਂ ਫੀਸ ਵਸੂਲਦੀਆਂ ਹਨ।ਭਗਵੰਤ ਸਿੰਘ ਮਾਨ ਨੇ ਕਿਸਾਨਾਂ ਯੂਨੀਅਨਾਂ ਨੂੰ ਖੇਤੀ ਸੰਕਟ ਨਾਲ ਜੁੜੇ ਮਸਲਿਆਂ ’ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ ਦੀ ਚੁਣੌਤੀ ਦਿੱਤੀ।
ਮੁੱਖ ਮੰਤਰੀ ਨੇ ਪਾਣੀਆਂ ਦੇ ਮੁੱਦੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਚੁੱਪ ਸਾਧਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦੇ ਕਿਸੇ ਵੀ ਲੀਡਰ ਇਕ ਬਿਆਨ ਤੱਕ ਵੀ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਬੇਤੁੱਕੇ ਮਸਲਿਆਂ ’ਤੇ ਸੜਕਾਂ ਅਤੇ ਰੇਲਾਂ ਰੋਕ ਕੇ ਆਮ ਜਨਤਾ ਨੂੰ ਪਰੇਸ਼ਾਨ ਕਰਕੇ ਸਿਰਫ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ ਜਦਕਿ ਪੰਜਾਬ ਦੇ ਸੰਜੀਦਾ ਮੁੱਦਿਆਂ ਪ੍ਰਤੀ ਚੁੱਪ ਧਾਰ ਲੈਂਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਆਪਸ ਵਿੱਚ ਬੋਲਬਾਣੀ ਵੀ ਬੰਦ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਆਪਣੇ ਸਿਆਸੀ ਹਿੱਤਾਂ ਦੀ ਖਾਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਰਹੇ ਹਨ।