ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫਤਾਰ: ਮਨਪ੍ਰੀਤ ਸਿੰਘ ਮਨੀ

ਹੰਡਿਆਇਆ -26 ਜੂਨ – ਵਿਜੀਲੈਂਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਇਕ ਮੈਡਮ ਗੁਨੀਤ ਕੌਰ ਮਜੀਠੀਆ ਦੇ ਘਰ ਬਿਨਾਂ ਕੋਈ ਨੋਟਿਸ ਦਿੱਤੇ ਛਾਪਾ ਮਾਰਨ ਅਤੇ ਬਿਕਰਮ ਮਜੀਠੀਆ ਨੂੰ ਗ੍ਰਫਤਾਰ ਕਰਨ ਦੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਿੱਚ ਗੁੱਸੇ ਦੀ ਲਹਿਰ ਹੈ। ਨਗਰ ਪੰਚਾਇਤ ਹੰਡਿਆਇਆ ਦੇ ਸਾਬਕਾ ਮੀਤ ਪ੍ਰਧਾਨ ਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਮਨੀ ਨੇ ਪ੍ਰੈਸ ਕਾਨਫਰਸ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਗਿਰਫਤਾਰੀ ਨੂੰ ਲੋਕਤੰਤਰ ਦੇ ਵਿਰੁੱਧ ਦੱਸਿਆ। ਮਨਪ੍ਰੀਤ ਸਿੰਘ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਨਿਡਰਤਾ ਅਤੇ ਨਿਰਪੱਖਤਾ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਜਿਸ ਕਾਰਨ ਭਗਵੰਤ ਮਾਨ ਸਰਕਾਰ ਘਬਰਾ ਗਈ। ਉਹਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਬਦਲੇ ਦੀ ਭਾਵਨਾ ਨਾਲ ਗ੍ਰਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਖਰਾਬ ਹੈ। ਜਿਸ ਵੱਲ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਵੀ ਧਿਆਨ ਨਹੀਂ ਹੈ। ਉਕਤ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਦਿੱਲੀ ਦੀ ਹਾਰੀ ਹੋਈ ਟੀਮ ਨੇ ਅਪੰਗ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ ਦੀਆਂ ਪਾਵਰਾਂ ਹਾਰੇ ਹੋਏ ਲੋਕਾਂ ਨੂੰ ਦੇ ਕੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਝੂਠੀਆਂ ਐਫਆਈਆਰ ਦਰਜ ਕਰਕੇ ਬਿਕਰਮ ਸਿੰਘ ਮਜੀਠੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਜਦੋਂ ਕੁਝ ਵੀ ਹਾਸਲ ਨਹੀਂ ਹੋਇਆ ਤਾਂ ਹੁਣ ਵਿਜੀਲੈਂਸ ਵੱਲੋਂ ਉਹਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਆਮਤੌਰ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੋਈ ਵੀ ਧਿਆਨ ਨਹੀਂ ਦਿੱਤਾ। ਇਸ ਲਈ ਇਹ ਸਪਸ਼ਟ ਹੈ ਕਿ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਬਦਲਾਖੋਰੀ ਵਾਲੇ ਰਵਈਏ ਨੂੰ ਨਾ ਰੋਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤੇ ਉਕਤ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।ਇਸ ਸਮੇਂ ਉਹਨਾਂ ਨਾਲ ਮੱਖਣ ਸਿੰਘ ਭਰੀ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

