ਮਨਰੇਗਾ ਕਰਮਚਾਰੀਆਂ ਨੇ ਆਪਣੀਆਂ ਮੁਸ਼ਕਿਲਾਂ ਸੰਬੰਧੀ ਡੀਸੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ

ਬਰਨਾਲਾ, 24 ਸਤੰਬਰ (ਰਾਕੇਸ਼ ਜੇਠੀ)-ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਹੋਈ। ਜਿਸ ਵਿਚ ਮਨਰੇਗਾ ਕਰਮਚਾਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਉਪਰੰਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗ-ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ’ਚ ਮੁਲਾਜ਼ਮਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰ ਕੇ ਸਰਕਾਰ ਪ੍ਰਤੀ ਰੋਸ ਹੈ। ਜਿਸ ਕਰ ਕੇ ਕਰਮਚਾਰੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਕੰਮ ਕਰਦੇ ਕਰਮਚਾਰੀਆਂ ਨੂੰ ਲਗਭਗ 17 ਸਾਲ ਹੋ ਗਏ ਹਨ। ਉਨ੍ਹਾਂ ਨੂੰ ਰੈਗੂਲਰ ਕਰਨ ਦੀ ਬਜਾਏ ਉਨ੍ਹਾਂ ਨੂੰ ਕੋਈ ਮੈਡੀਕਲ ਸਹੂਲਤ ਨਹੀਂ ਦਿੱਤੀ ਜਾਂਦੀ ਹੈ। ਤਨਖ਼ਾਹਾਂ ਨਾਂ ਮਿਲਣ ਦੇ ਬਾਵਜੂਦ ਵੀ ਕਰਮਚਾਰੀਆਂ ਦੀਆਂ ਹੋਰਨਾਂ ਕੰਮਾਂ ਵਿਚ ਡਿਊਟੀਆਂ ਲਗਾਈਆਂ ਜਾਂਦੀਆਂ ਹਨ। ਇਸ ਮੌਕੇ ਰੋਬਿਨਦੀਪ ਸਿੰਘ, ਅਮਨਦੀਪ ਸਿੰਘ, ਬਲਾਕ ਪ੍ਰਧਾਨ ਮਹਿਲ ਕਲਾਂ ਬੂਟਾ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਸੁਖਚੈਨ ਸਿੰਘ, ਗਗਨਦੀਪ ਸਿੰਘ, ਯੂਲਫ ਅਲੀ ਖ਼ਾਨ, ਕੁਲਦੀਪ ਸਿੰਘ ਸ਼ਾਮਿਲ ਸਨ।
