ਸਫਾਈ ਕਰਮਚਾਰੀਆਂ ਨੇ ਕੀਤੀ ਹੜਤਾਲ….

ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦੇ ਸਫਾਈ ਕਰਮਚਾਰੀ
ਹੰਡਿਆਇਆ-29ਸਤੰਬਰ(ਰਾਕੇਸ਼ ਜੇਠੀ)- ਪੰਜਾਬ ਭਰ ਵਿੱਚ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਦੋ ਦਿਨਾਂ ਦੀ ਹੜਤਾਲ ਕੀਤੇ ਜਾਣ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਦੋ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਮੂਹ ਮਿਊਨਸੀਪਲ ਮੁਲਾਜ਼ਮਾਂ, ਸਫਾਈ ਸੇਵਕਾਂ, ਸੀਵਰਮੈਨਾ ਆਦਿ ਦੀਆ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਕਾਮਿਆਂ ਨੂੰ ਰੈਗੂਲਰ ਅਤੇ ਪੀਐਫ ਦਾ ਪੈਸਾ ਪਾਉਣ ਸਬੰਧੀ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸਾਡੀ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਜਿਸ ਦੇ ਰੋਸ਼ ਵਜੋਂ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਭਰ ਵਿੱਚ ਮਿਊਨਸੀਪਲ ਮੁਲਾਜ਼ਮਾਂ ਸਫਾਈ ਸੇਵਕਾਂ, ਸੀਵਰਮੈਨਾ ਵੱਲੋਂ 29 ਅਤੇ 30 ਸਤੰਬਰ 2025 ਨੂੰ ਕੰਮ ਛੋੜ ਹੜਤਾਲ ਕੀਤੀ ਜਾਵੇਗੀ। ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਪੰਕਜ ਕੁਮਾਰ, ਮੁਕੇਸ਼ ਕੁਮਾਰ, ਰਵੀ ਕੁਮਾਰ, ਰਾਣੀ ਕੌਰ,ਵਿਸ਼ਾਲ ਕੁਮਾਰ, ਅਮਨਦੀਪ, ਕਿਰਨਾ ਕੌਰ ਤੋਂ ਇਲਾਵਾ ਹੋਰ ਸਫਾਈ ਕਰਮਚਾਰੀ ਵੀ ਹਾਜ਼ਰ ਸਨ।
