ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਨੇ ਸਾਂਝੀ ਰਣਨੀਤੀ `ਤੇ ਦਿੱਤਾ ਜ਼ੋਰ
ਬਰਨਾਲਾ-18 ਦਸੰਬਰ(ਰਾਕੇਸ਼ ਜੇਠੀ)- ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਇੰਦੂ ਸਿੰਮਕ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮਿਲਣੀ ’ਚ ਵੱਡੀ ਗਿਣਤੀ ’ਚ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਜਿਸ ਦਾ ਮੁੱਖ ਮਨੋਰਥ ਘਰ ਤੇ ਸਕੂਲ ਵਿਚਕਾਰ ਤਾਲਮੇਲ ਵਧਾ ਕੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣਾ ਸੀ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸਕੂਲ ਮੁਖੀ ਨਰਿੰਦਰ ਕੁਮਾਰ ਨੇ ਆਏ ਹੋਏ ਸਾਰੇ ਮਾਪਿਆਂ ਤੇ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਮਾਪਿਆਂ ਨੂੰ ਸਕੂਲ ’ਚ ਚੱਲ ਰਹੀਆਂ ਨਵੀਨਤਮ ਸਿੱਖਿਆਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਬੱਚਿਆਂ ਦੀ ਸਕੂਲ ’ਚ ਨਿਯਮਿਤ ਹਾਜ਼ਰੀ, ਅਨੁਸ਼ਾਸਨ ਤੇ ਪੜ੍ਹਾਈ ’ਚ ਹੋ ਰਹੀ ਪ੍ਰਗਤੀ ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦੀ ਨਿਗਰਾਨੀ ਬੱਚੇ ਦੀ ਸਫਲਤਾ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਮਿਲਣੀ ਦੌਰਾਨ ਅਧਿਆਪਕ ਹਰਜਿੰਦਰ ਸਿੰਘ ਵਲੋਂ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ। ਇਸ ’ਚ ਉਨ੍ਹਾਂ ਨੇ ਮਾਪਿਆਂ ਨੂੰ ਅਜਿਹੇ ਨੁਕਤੇ ਦੱਸੇ ਜਿਨ੍ਹਾਂ ਰਾਹੀਂ ਬੱਚਿਆਂ ਦੀ ਪੜ੍ਹਾਈ ’ਚ ਰੁਚੀ ਵਧਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘਰ ’ਚ ਪੜ੍ਹਾਈ ਲਈ ਸ਼ਾਂਤ ਤੇ ਅਨੁਕੂਲ ਮਾਹੌਲ ਸਿਰਜਿਆ ਜਾਵੇ। ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਤੇ ਸੰਸਕਾਰਾਂ ਨਾਲ ਜੋੜਿਆ ਜਾਵੇ। ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਤੇ ਰੋਜ਼ਾਨਾ ਦੀਆਂ ਆਦਤਾਂ ਵੱਲ ਧਿਆਨ ਦਿੱਤਾ ਜਾਵੇ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੇਸ਼ਮ ਸਿੰਘ ਤੇ ਸਾਬਕਾ ਫੌਜੀ ਹਰਬੰਸ ਸਿੰਘ ਵਿਸ਼ੇਸ਼ ਤੌਰਤੇ ਹਾਜ਼ਰ ਹੋਏ। ਉਨ੍ਹਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਪੇਂਡੂ ਖੇਤਰ ਦੇ ਬੱਚਿਆਂ ਦੇ ਆਤਮ-ਵਿਸ਼ਵਾਸ ’ਚ ਵਾਧਾ ਹੁੰਦਾ ਹੈ। ਸਮਾਗਮ ’ਚ ਅਧਿਆਪਕ ਗਗਨਦੀਪ ਸਿੰਘ, ਪ੍ਰੀਆ ਰਾਣੀ, ਨੀਲਮ ਤੇ ਨਵਜੋਤ ਕੌਰ ਨੇ ਵੀ ਸਰਗਰਮ ਭੂਮਿਕਾ ਨਿਭਾਈ। ਹਾਜ਼ਰ ਮਾਪਿਆਂ ਨੇ ਸਕੂਲ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸਲਾਘਾ ਕੀਤੀ ਤੇ ਆਪਣੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ। ਮਾਪਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਬੱਚਿਆਂ ਦੀ ਪੜ੍ਹਾਈ ਤੇ ਸਕੂਲ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣਗੇ। ਅਖੀਰ ’ਚ ਸਕੂਲ ਸਟਾਫ਼ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

