ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਮੰਗਾਂ ਸਬੰਧੀ ਸਿਵਲ ਸਰਜਨ ਬਰਨਾਲਾ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ: 20 ਦਸੰਬਰ (ਰਾਕੇਸ਼ ਜੇਠੀ)ਜ਼ਿਲ੍ਹਾ ਬਰਨਾਲਾ ਦੀਆਂ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਆਪਣੀਆਂ ਲੰਬਿਤ ਮੰਗਾਂ ਤੇ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਲਾਮਬੰਦ ਹੁੰਦਿਆਂ ਸਿਵਲ ਸਰਜਨ ਬਰਨਾਲਾ ਨੂੰ ਇਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸਿਹਤ ਕਾਮਿਆਂ ਦੇ ਵਫਦ ਨੇ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਨਾਲ ਮੇਜ਼ ਤੇ ਬੈਠ ਕੇ ਵਿਸਥਾਰਪੂਰਵਕ ਚਰਚਾ ਕੀਤੀ। ਮੰਗ ਪੱਤਰ ਸੌਂਪਣ ਮੌਕੇ ਹਾਜ਼ਰ ਸਿਹਤ ਵਰਕਰਾਂ ਗੁੱਡੀ ਕੌਰ, ਗੀਤਾ ਰਾਣੀ, ਰੰਜੂ ਬਾਲਾ ਅਤੇ ਹੁਸਨਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਫੀਲਡ ’ਚ ਰਹਿ ਕੇ ਸਿਹਤ ਸੇਵਾਵਾਂ ਨਿਭਾ ਰਹੇ ਹਨ। ਪਰ ਉਨ੍ਹਾਂ ਦੀਆਂ ਕੁਝ ਜਾਇਜ਼ ਮੰਗਾਂ ਅਜੇ ਤਕ ਅਣਗੌਲੀਆਂ ਹਨ। ਉਨ੍ਹਾਂ ਨੇ ਸਿਵਲ ਸਰਜਨ ਨੂੰ ਜਾਣੂ ਕਰਵਾਇਆ ਕਿ ਕੰਮ ਦੇ ਵਧ ਰਹੇ ਬੋਝ ਤੇ ਪ੍ਰਸ਼ਾਸਨਿਕ ਅੜਿੱਕਿਆਂ ਕਾਰਨ ਉਨ੍ਹਾਂ ਨੂੰ ਡਿਊਟੀ ਦੌਰਾਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਲ ਸਰਜਨ ਨੇ ਸਿਹਤ ਵਰਕਰਾਂ ਦੀਆਂ ਗੱਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਤੇ ਮੰਗ ਪੱਤਰ ’ਚ ਦਰਜ ਹਰੇਕ ਨੁਕਤੇ ਤੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਵਫਦ ਨੂੰ ਭਰੋਸਾ ਦਿਵਾਇਆ ਕਿ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਵਰਕਰਾਂ ਦੀ ਮਿਹਨਤ ਸਦਕਾ ਹੀ ਸਰਕਾਰੀ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਹਨ। ਇਸ ਲਈ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਨੂੰ ਪਹਿਲ ਦਿੱਤੀ ਜਾਵੇਗੀ। ਵਫਦ ’ਚ ਸ਼ਾਮਲ ਮਲਟੀਪਰਪਜ਼ ਹੈਲਥ ਵਰਕਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਹੋ ਜਾਂਦਾ ਹੈ ਤਾਂ ਉਹ ਹੋਰ ਵੀ ਵਧੇਰੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਜਨਤਾ ਨੂੰ ਸਮਰਪਿਤ ਕਰਨਗੇ। ਇਸ ਮੌਕੇ ਵੱਡੀ ਗਿਣਤੀ ’ਚ ਫੀਮੇਲ ਹੈਲਥ ਵਰਕਰ ਮੌਜੂਦ ਸਨ।

