ਚੀਮਾ ਜੋਧਪੁਰ ਸਕੂਲ ਵਿੱਚ ਪੰਜਾਬ ਪੁਲਿਸ ਵੱਲੋਂ “ਸਟੂਡੈਂਟ ਪੁਲਿਸ ਕੈਡਟ (SPC)” ਪ੍ਰੋਗਰਾਮ ਕਰਵਾਇਆ

primepunjab

ਬਰਨਾਲਾ-17ਫ਼ਰਵਰੀ(ਰਾਕੇਸ਼ ਜੇਠੀ)-ਅੱਜ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਸਕੂਲ ਵਿੱਚ ਪੰਜਾਬ ਪੁਲਿਸ ਵੱਲੋਂ “ਸਟੂਡੈਂਟ ਪੁਲਿਸ ਕੈਡਟ (SPC)” ਪ੍ਰੋਗਰਾਮ ਅਧੀਨ ਨਸ਼ਾ ਰੋਕਥਾਮ ਅਤੇ ਟ੍ਰੈਫਿਕ ਜਾਗਰੂਕਤਾ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਉਨ੍ਹਾਂ ਵਿੱਚ ਕਾਨੂੰਨ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨੀ ਅਤੇ ਸੜਕ ਸੁਰੱਖਿਆ ਬਾਰੇ ਸਚੇਤ ਕਰਨਾ ਸੀ।
ਇਸ ਮੌਕੇ ‘ਤੇ ਚੌਂਕੀ ਇੰਚਾਰਜ ਪੱਖੋਕੇ ਏ.ਐਸ.ਆਈ. ਬਲਜਿੰਦਰ ਸਿੰਘ ਅਤੇ ਏ.ਐਸ.ਆਈ. ਕਰਮਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨਾਲ ਹੈੱਡ ਕਾਂਸਟੇਬਲ ਨਵਦੀਪ ਕੌਰ ਵੀ ਮੌਜੂਦ ਸਨ। ਸੈਮੀਨਾਰ ਦੀ ਸ਼ੁਰੂਆਤ ਵਿਦਿਆਰਥੀਆਂ ਨਾਲ ਸੰਵਾਦ ਰਾਹੀਂ ਕੀਤੀ ਗਈ, ਜਿਸ ਵਿੱਚ ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਏ.ਐਸ.ਆਈ. ਬਲਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਕੇਵਲ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਸੜਕ ‘ਤੇ ਜ਼ਿੰਮੇਵਾਰ ਨਾਗਰਿਕ ਵਜੋਂ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ।
ਏ.ਐਸ.ਆਈ. ਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀ ਸਮਾਜ ਦਾ ਭਵਿੱਖ ਹਨ ਅਤੇ ਜੇਕਰ ਉਹ ਅੱਜ ਤੋਂ ਸਹੀ ਦਿਸ਼ਾ ਵਿੱਚ ਕਦਮ ਚੁੱਕਣ, ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ‘ਤੇ ਵੋਕੇਸ਼ਨਲ ਟ੍ਰੇਨਰ ਹਰਪ੍ਰੀਤ ਸਿੰਘ, ਐਸ.ਪੀ.ਸੀ. ਨੋਡਲ ਅਧਿਆਪਕ ਡਾ. ਜਤਿੰਦਰ ਜੋਸ਼ੀ, ਇੰਚਾਰਜ ਰਮਨਦੀਪ ਕੌਰ, ਰਾਜੇਸ਼ ਕੁਮਾਰ (ਐਸ.ਐਸ. ਮਾਸਟਰ) ਅਤੇ ਪਰਮਜੀਤ ਕੌਰ ਵੀ ਹਾਜ਼ਰ ਰਹੇ। ਉਨ੍ਹਾਂ ਸਭ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਨਸ਼ਾ ਰੋਕਥਾਮ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਨਿਯਮਿਤ ਤੌਰ ‘ਤੇ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਵਿਦਿਆਰਥੀਆਂ ਨੇ ਵੀ ਇਸ ਸੈਮੀਨਾਰ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਰਚਨਾ ਲਈ ਸੰਕਲਪ ਲਿਆ।

About The Author

You may have missed