ਸੜਕ ਹਾਦਸੇ ‘ਚ ਉੱਭਰਦੇ ਹਾਕੀ ਖਿਡਾਰੀ ਦੀ ਦਰਦਨਾਕ ਮੌਤ, ਸਾਥੀ ਗੰਭੀਰ ਜ਼ਖਮੀ; ਇਲਾਕੇ ‘ਚ ਸੋਗ ਦੀ ਲਹਿਰ

WhatsApp Image 2026-02-17 at 15.53.34

ਬਰਨਾਲਾ-17ਫ਼ਰਵਰੀ(ਰਾਕੇਸ਼ ਜੇਠੀ)- ਜ਼ਿਲ੍ਹੇ ਦੇ ਪਿੰਡ ਛੀਨੀਵਾਲ ਕਲਾਂ ਦੇ ਦੋ ਨੌਜਵਾਨ ਹਾਕੀ ਖਿਡਾਰੀ ਰਾਏਕੋਟ ਇਲਾਕੇ ‘ਚ ਹੋਏ ਖੇਡ ਮੇਲੇ ਤੋਂ ਭਾਗ ਲੈ ਕੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਵਾਪਸ ਆ ਰਹੇ ਸਨ ਕਿ ਰਸਤੇ ‘ਚ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਪੁੱਜੇ ਤਾਂ ਬਜਰੀ ਨਾਲ ਭਰੇ ਟਰੱਕ-ਘੋੜੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਭਿਆਨਕ ਟੱਕਰ ਕਾਰਨ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (21) ਪੁੱਤਰ ਸੋਹਣ ਸਿੰਘ ਵਾਸੀ ਛੀਨੀਵਾਲ ਕਲਾਂ ਵਜੋਂ ਹੋਈ ਹੈ, ਜੋ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਅਤੇ ਉਭਰਦਾ ਹਾਕੀ ਖਿਡਾਰੀ ਸੀ।

ਹਾਦਸੇ ਦੌਰਾਨ ਟਰੱਕ-ਘੋੜਾ ਉਸ ਦੇ ਉੱਪਰੋਂ ਲੰਘ ਗਿਆ ਜਿਸ ਕਾਰਨ ਉਸ ਦੀ ਥਾਂ ’ਤੇ ਹੀ ਮੌਤ ਹੋ ਗਈ। ਉਸ ਦਾ ਸਾਥੀ ਹਰਪ੍ਰੀਤ ਸਿੰਘ (20) ਪੁੱਤਰ ਨਿਰਮਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਨੌਜਵਾਨ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਖੇਡਾਂ ਪ੍ਰਤੀ ਖਾਸ ਰੁਚੀ ਰੱਖਦੇ ਸਨ। ਗੁਰਵਿੰਦਰ ਸਿੰਘ ਦੀ ਅਚਾਨਕ ਮੌਤ ਨਾਲ ਪਿੰਡ ਛੀਨੀਵਾਲ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਮੁਤਾਬਕ ਉਹ ਮਿਹਨਤੀ ਅਤੇ ਹੋਣਹਾਰ ਖਿਡਾਰੀ ਸੀ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਾ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣ ਰਿਹਾ ਸੀ। ਇਸ ਮੌਕੇ ਸੂਚਨਾ ਮਿਲਦੇ ਹੀ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਤੇਜ ਸਿੰਘ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਅਤੇ ਹਾਦਸੇ ਵਿੱਚ ਸ਼ਾਮਲ ਟਰੱਕ-ਘੋੜੇ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਗਮੋਹਣ ਸਿੰਘ ਸੁਧਾਰ ਵੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ।ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ। ਇਸ ਮੌਕੇ ਸਰਪੰਚ ਸੁਖਦੀਪ ਕੌਰ ਛੀਨੀਵਾਲ, ਬਲਾਕ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਿਰਭੈ ਸਿੰਘ ਢੀਡਸਾ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਜਗਮੇਲ ਸਿੰਘ ਛੀਨੀਵਾਲ ਅਤੇ ਗੁਰਪ੍ਰੀਤ ਸਿੰਘ ਛੀਨੀਵਾਲ ਨੇ ਪਰਿਵਾਰ ਨਾਲ ਮਿਲ ਕੇ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਖਿਡਾਰੀ ਦੀ ਮੌਤ ਨਾਲ ਪਿੰਡ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਿੰਡ ਵਿੱਚ ਮਾਤਮੀ ਮਾਹੌਲ ਬਣਿਆ ਹੋਇਆ ਹੈ ਅਤੇ ਖੇਡ ਤੇ ਸਮਾਜਿਕ ਸੰਸਥਾਵਾਂ ਵੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

About The Author

You may have missed