ਬਰਨਾਲਾ ਦੇ 47 ਪ੍ਰੀਖਿਆ ਕੇਂਦਰਾਂ ਵਿੱਚ 4504 ਵਿਦਿਆਰਥੀਆਂ ਨੇ ਦਿੱਤਾ ਅੰਗਰੇਜ਼ੀ ਦਾ ਪੇਪਰ

ਬਰਨਾਲਾ-17ਫ਼ਰਵਰੀ(ਰਾਕੇਸ਼ ਜੇਠੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਤਹਿਤ ਅੱਜ ਅੰਗਰੇਜ਼ੀ ਦਾ ਪੇਪਰ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਜ਼ਿਲ੍ਹੇ ਵਿੱਚ ਬਣਾਏ ਗਏ 47 ਪ੍ਰੀਖਿਆ ਕੇਂਦਰਾਂ ਵਿੱਚ ਕੁੱਲ 4504 ਵਿਦਿਆਰਥੀਆਂ ਨੇ ਪੇਪਰ ਦਿੱਤਾ।
ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ‘ਤੇ ਨਕਲ-ਰਹਿਤ ਅਤੇ ਪਾਰਦਰਸ਼ੀ ਪ੍ਰਬੰਧ ਯਕੀਨੀ ਬਣਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ ਅਤੇ ਕਿਸੇ ਵੀ ਕੇਂਦਰ ਤੋਂ ਕੋਈ ਅਣਚਾਹੀ ਘਟਨਾ ਸਾਹਮਣੇ ਨਹੀਂ ਆਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਿੰਦਰ ਸਿੰਘ ਨੇ ਕਿਹਾ ਕਿ ਪ੍ਰੀਖਿਆਵਾਂ ਨੂੰ ਨਕਲ-ਰਹਿਤ ਅਤੇ ਅਨੁਸ਼ਾਸਿਤ ਢੰਗ ਨਾਲ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ। ਅੱਜ ਦਾ ਪੇਪਰ ਪੂਰੀ ਤਰ੍ਹਾਂ ਸੁਚੱਜੇ ਪ੍ਰਬੰਧਾਂ ਹੇਠ ਸ਼ਾਂਤੀ ਨਾਲ ਸੰਪੰਨ ਹੋਇਆ ਹੈ। ਸਾਰੇ ਕੇਂਦਰਾਂ ‘ਤੇ ਸਖ਼ਤ ਨਿਗਰਾਨੀ ਰੱਖੀ ਗਈ।ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਵਿਭਾਗ ਵੱਲੋਂ 6 ਫਲਾਇੰਗ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵੱਲੋਂ ਵੱਖ-ਵੱਖ ਕੇਂਦਰਾਂ ‘ਤੇ ਅਚਨਚੇਤ ਚੈਕਿੰਗ ਕਰਕੇ ਪ੍ਰੀਖਿਆ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ ਅਤੇ ਹਰ ਕੇਂਦਰ ‘ਤੇ ਨਿਗਰਾਨੀ ਲਈ ਟੀਮਾਂ ਤਾਇਨਾਤ ਰਹੀਆਂ। ਕਿਸੇ ਵੀ ਕੇਂਦਰ ‘ਤੇ ਨਕਲ ਦੀ ਕੋਈ ਸ਼ਿਕਾਇਤ ਨਹੀਂ ਮਿਲੀ। ਜ਼ਿਲ੍ਹਾ ਪਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਨਾ ਹੋਣ ਅਤੇ ਵਿਦਿਆਰਥੀਆਂ ਨੂੰ ਸੁਚੱਜਾ ਮਾਹੌਲ ਮਿਲਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ।
