ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਧਰਨਾ, ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਜਤਾਇਆ ਰੋਸ

ਮੰਗਾਂ ਪੂਰੀਆਂ ਨਾ ਹੋਣ ’ਤੇ 11 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਪੱਧਰੀ ਧਰਨੇ ਦੀ ਚੇਤਾਵਨੀ
ਬਰਨਾਲਾ-7 ਮਾਰਚ-(ਰਾਕੇਸ਼ ਜੇਠੀ)-ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਅਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜ ਕੇ ਆਪਣਾ ਤਿੱਖਾ ਵਿਰੋਧ ਵੀ ਦਰਜ ਕਰਵਾਇਆ ਗਿਆ।
ਧਰਨੇ ਦੌਰਾਨ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਨੇ ਦੱਸਿਆ ਕਿ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਆਸ਼ਾ ਵਰਕਰਾਂ ਨੂੰ ਕੇਵਲ 2500 ਰੁਪਏ ਮਹੀਨਾ ਆਨਰੇਰੀਅਮ ਅਤੇ ਕੁਝ ਇਨਸੈਂਟਿਵ ਦੇ ਕੇ ਹੀ ਕੰਮ ਚਲਾਇਆ ਜਾ ਰਿਹਾ ਸੀ, ਪਰ ਹੁਣ ਕੇਂਦਰ ਸਰਕਾਰ ਵੱਲੋਂ ਜੱਚਾ-ਬੱਚਾ ਦੀ ਦੇਖਭਾਲ ਅਤੇ ਚੈਕਅਪ ਆਦਿ ਨਾਲ ਸੰਬੰਧਿਤ ਅਹਿਮ ਇਨਸੈਂਟਿਵ ਵੀ ਕੱਟ ਦਿੱਤੇ ਗਏ ਹਨ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ ਗਰੰਟੀ ਦਿੱਤੀ ਗਈ ਸੀ ਕਿ ਉਨ੍ਹਾਂ ਦਾ ਆਨਰੇਰੀਅਮ ਅਤੇ ਉਤਸਾਹਿਤ ਰਾਸ਼ੀ ਦੋਗੁਣੀ ਕੀਤੀ ਜਾਵੇਗੀ, ਪਰੰਤੂ ਸਰਕਾਰ ਬਣਨ ਤੋਂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਰੋਸ ਅਤੇ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਇਹ ਗੱਲ ਭਲੀਭਾਂਤੀ ਪਤਾ ਹੈ ਕਿ ਆਸ਼ਾ ਵਰਕਰ ਘਰ-ਘਰ ਜਾ ਕੇ ਹਰ ਵਰਗ ਦੇ ਲੋਕਾਂ ਤੱਕ ਸਿਹਤ ਸਹੂਲਤਾਂ ਅਤੇ ਸਰਕਾਰੀ ਸਿਹਤ ਸਕੀਮਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਫਿਰ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ।

ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਕੱਟੇ ਹੋਏ ਇਨਸੈਂਟਿਵ ਅਤੇ ਭੱਤੇ ਬਹਾਲ ਕਰਵਾਏ ਅਤੇ ਆਸ਼ਾ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ 11 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੱਧਰ ’ਤੇ ਵੱਡਾ ਧਰਨਾ ਲਗਾ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਮਨਜੀਤ ਕੌਰ, ਜਸਵਿੰਦਰ ਕੌਰ, ਸਿਮਰਜੀਤ ਕੌਰ, ਗੁਰਜੀਤ ਕੌਰ, ਪ੍ਰਵੀਨ ਕੌਰ, ਜਸਵੀਰ ਕੌਰ, ਕਰਮਜੀਤ ਕੌਰ ਤੇ ਅਮਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਅਤੇ ਯੂਨੀਅਨ ਮੈਂਬਰਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜਤਾਇਆ।
