ਤੇਜ਼ ਰਫ਼ਤਾਰ ਦਾ ਕਹਿਰ: ਕਾਰ ਦੀ ਟੱਕਰ ਨਾਲ ਪਤੀ-ਪਤਨੀ ਦੀ ਮੌਤ, ਤਿੰਨ ਸਾਲਾ ਮਾਸੂਮ ਜ਼ਿੰਦਗੀ ਲਈ ਜੰਗ ਲੜ ਰਹੀ

PrimekhabarPunjab Tapa

ਤਪਾ ਮੰਡੀ, 9 ਮਾਰਚ(ਰਾਕੇਸ਼ ਜੇਠੀ)- ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸੋਮਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। ਤਪਾ ਮੰਡੀ ਨੇੜੇ ਧਾਗਾ ਮਿੱਲ ਕੋਲ ਇੱਕ ਤੇਜ਼ ਰਫ਼ਤਾਰ ਬ੍ਰੇਜ਼ਾ ਕਾਰ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਤਿੰਨ ਸਾਲਾ ਮਾਸੂਮ ਧੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਾਜੋਕੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਅਤੇ ਤਿੰਨ ਸਾਲਾ ਧੀ ਨਾਲ ਮੋਟਰਸਾਈਕਲ ‘ਤੇ ਰਾਮਪੁਰਾ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਮਾਪੇ ਉਸ ਨੂੰ ਦਵਾਈ ਦਿਵਾਉਣ ਲਈ ਲੈ ਕੇ ਜਾ ਰਹੇ ਸਨ। ਪਰ ਰਸਤੇ ਵਿੱਚ ਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਚਸ਼ਮਦੀਦਾਂ ਮੁਤਾਬਕ ਪਿੱਛੋਂ ਆ ਰਹੀ ਬ੍ਰੇਜ਼ਾ ਕਾਰ ਨੇ ਮੋਟਰਸਾਈਕਲ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਟੱਕਰ ਦੀ ਤੀਬਰਤਾ ਕਾਰਨ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਚੀਕ-ਚਿਹਾੜਾ ਮਚ ਗਿਆ ਅਤੇ ਰਾਹਗੀਰ ਤੁਰੰਤ ਮਦਦ ਲਈ ਦੌੜ ਪਏ।
ਸੂਚਨਾ ਮਿਲਦੇ ਹੀ ਗਿੱਲ ਕਲਾਂ ਪੁਲਿਸ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਰਾਮਪੁਰਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤੀਆਂ ਹਨ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਸੂਮ ਬੱਚੀ ਦੀ ਹਾਲਤ ਨਾਜ਼ੁਕ:
ਇਸ ਦਰਦਨਾਕ ਹਾਦਸੇ ਵਿੱਚ ਤਿੰਨ ਸਾਲਾ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ। ਉਸ ਨੂੰ ਤੁਰੰਤ ਰਾਮਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਾਪਿਆਂ ਦੇ ਸਿਰ ਤੋਂ ਸਾਇਆ ਉੱਠ ਜਾਣ ਅਤੇ ਬੱਚੀ ਦੀ ਗੰਭੀਰ ਹਾਲਤ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।
ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ:
ਜਾਣਕਾਰੀ ਮੁਤਾਬਕ ਕਾਰ ਸਵਾਰ ਕਿਸੇ ਭੋਗ ਜਾਂ ਸੰਸਕਾਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਤੋਂ ਤੁਰੰਤ ਬਾਅਦ ਉਹ ਆਪਣੀ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਤਾਜੋਕੇ ਦੇ ਮੁਖ ਸੇਵਾਦਾਰ ਬਾਬਾ ਬੂਟਾ ਸਿੰਘ, ਸਮਾਜ ਸੇਵੀ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਇਸ ਦੁਖਦਾਈ ਹਾਦਸੇ ਨਾਲ ਪਿੰਡ ਤਾਜੋਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

About The Author

You may have missed