ਸਫਾਈ ਸੇਵਕਾਂ ਵੱਲੋਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼, ਹੰਡਿਆਇਆ ਵਿੱਚ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਗਟ

ਹੰਡਿਆਇਆ -12 ਮਾਰਚ(ਰਾਕੇਸ਼ ਜੇਠੀ) -ਪੰਜਾਬ ਭਰ ਵਿੱਚ ਸਫਾਈ ਸੇਵਕਾਂ ਅਤੇ ਮਿਊਨਸੀਪਲ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਡਿਆਇਆ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਨੇ ਦੱਸਿਆ ਕਿ ਮਿਊਨਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਬੁਲਾਵੇ ’ਤੇ ਪੂਰੇ ਪੰਜਾਬ ਵਿੱਚ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰੰਤੂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਕਾਰਨ ਅੱਜ ਪੰਜਾਬ ਭਰ ਵਿੱਚ ਸਮੂਹ ਸਫਾਈ ਕਰਮਚਾਰੀਆਂ ਨੇ ਰੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ। ਹੰਡਿਆਇਆ ਵਿੱਚ ਵੀ ਸਫਾਈ ਸੇਵਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਆਪਣੀਆਂ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਮਿਊਨਸੀਪਲ ਮੁਲਾਜ਼ਮਾਂ, ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਕਈ ਪੁਰਾਣੀਆਂ ਮੰਗਾਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਕਰਮਚਾਰੀਆਂ ਦਾ ਪੀਐਫ ਦਾ ਬਕਾਇਆ ਪੈਸਾ ਜਮ੍ਹਾਂ ਕਰਵਾਇਆ ਜਾਵੇ।
ਵਿਜੇ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਪੰਕਜ ਕੁਮਾਰ, ਅਮਨਦੀਪ ਕੁਮਾਰ, ਵਿਸ਼ਾਲ ਕੁਮਾਰ, ਰਵੀ ਕੁਮਾਰ, ਰਾਣੀ ਕੌਰ, ਮੁਕੇਸ਼ ਕੁਮਾਰ, ਕ੍ਰਿਸ਼ਨਾ ਦੇਵੀ, ਰਾਣੀ ਕੌਰ ਸਮੇਤ ਹੋਰ ਕਈ ਸਫਾਈ ਸੇਵਕ ਵੀ ਮੌਜੂਦ ਸਨ।
