ਰਾਜਨੀਤਿਕ ਹਲਚਲ: AAP ਵਿੱਚ ਦਰਾਰ ਗਹਿਰੀ, ਕਈ ਸੰਸਦ ਮੈਂਬਰਾਂ ਦੇ BJP ਵਿੱਚ ਜਾਣ ਦੇ ਸੰਕੇਤ

PrimeKhabarPunjab AAP

ਨਵੀਂ ਦਿੱਲੀ,10 ਅਪ੍ਰੈਲ (ਰਾਕੇਸ਼ ਜੇਠੀ)- ਦੇਸ਼ ਦੀ ਰਾਜਨੀਤੀ ਵਿੱਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਨੇਤਾ ਰਾਘਵ ਚੱਢਾ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ ਬਾਅਦ ਪਾਰਟੀ ਦੇ ਅੰਦਰ ਟੁੱਟ ਅਤੇ ਅਸੰਤੋਸ਼ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਨਾਲ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਹਾਜ਼ਰ ਸਨ। ਜਾਣਕਾਰੀ ਮੁਤਾਬਕ, ਰਾਜ ਸਭਾ ਵਿੱਚ AAP ਦੇ ਕੁੱਲ 10 ਸੰਸਦ ਮੈਂਬਰਾਂ ਵਿੱਚੋਂ ਲਗਭਗ ਦੋ-ਤਿਹਾਈ, ਯਾਨੀ 7 ਮੈਂਬਰ ਉਨ੍ਹਾਂ ਦੇ ਨਾਲ ਖੜ੍ਹੇ ਦੱਸੇ ਜਾ ਰਹੇ ਹਨ।
ਇਨ੍ਹਾਂ ਸੰਸਦ ਮੈਂਬਰਾਂ ਵਿੱਚ ਰਾਘਵ ਚੱਢਾ, ਸੰਦੀਪ ਪਾਠਕ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ, ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ। ਸੂਤਰਾਂ ਅਨੁਸਾਰ, ਇਹ ਸਮੂਹ ਜਲਦੀ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦਾ ਹੈ, ਜਿਸਦੀ ਅਧਿਕਾਰਿਕ ਘੋਸ਼ਣਾ ਸ਼ਾਮ ਤੱਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਰਾਘਵ ਚੱਢਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਦਾ ਸੰਵਿਧਾਨ ਇਹ ਅਧਿਕਾਰ ਦਿੰਦਾ ਹੈ ਕਿ ਜੇਕਰ ਕਿਸੇ ਪਾਰਟੀ ਦੇ ਦੋ-ਤਿਹਾਈ ਤੋਂ ਵੱਧ ਸੰਸਦ ਮੈਂਬਰ ਕਿਸੇ ਹੋਰ ਪਾਰਟੀ ਵਿੱਚ ਜਾਣਾ ਚਾਹੁੰਦੇ ਹਨ, ਤਾਂ ਉਹ ਐਸਾ ਕਰ ਸਕਦੇ ਹਨ। ਉਨ੍ਹਾਂ ਨੇ ਇਹ ਵੀ ਸੰਕੇਤ ਦਿੱਤਾ ਕਿ ਹਾਲੇ ਹੋਰ ਵੀ ਮੈਂਬਰ ਇਸ ਫੈਸਲੇ ਵਿੱਚ ਸ਼ਾਮਲ ਹੋ ਸਕਦੇ ਹਨ।
ਆਪਣੇ ਰਾਜਨੀਤਿਕ ਸਫਰ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਪ੍ਰੈਕਟਿਸਿੰਗ ਚਾਰਟਰਡ ਅਕਾਉਂਟੈਂਟ (CA) ਸਨ ਅਤੇ ਦੇਸ਼ ਨੂੰ ਭ੍ਰਿਸ਼ਟਾਚਾਰ-ਮੁਕਤ ਬਣਾਉਣ ਦੇ ਮਕਸਦ ਨਾਲ AAP ਨਾਲ ਜੁੜੇ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਾਰਟੀ ਦੀ ਸਥਾਪਨਾ ਵਿੱਚ ਵੱਖ-ਵੱਖ ਖੇਤਰਾਂ ਦੇ ਲੋਕਾਂ ਨੇ ਆਪਣਾ ਸਭ ਕੁਝ ਦਾਅ ‘ਤੇ ਲਾਇਆ ਸੀ।
ਹਾਲਾਂਕਿ, ਉਨ੍ਹਾਂ ਨੇ ਇਹ ਵੀ ਮੰਨਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਅਹਿਸਾਸ ਹੋ ਰਿਹਾ ਸੀ ਕਿ ਉਹ “ਗਲਤ ਪਾਰਟੀ ਵਿੱਚ ਸਹੀ ਵਿਅਕਤੀ” ਹਨ। ਇਸ ਕਰਕੇ ਹੁਣ ਉਨ੍ਹਾਂ ਨੇ ਪਾਰਟੀ ਤੋਂ ਦੂਰੀ ਬਣਾਉਣ ਅਤੇ ਲੋਕਾਂ ਦੇ ਨੇੜੇ ਜਾਣ ਦਾ ਫੈਸਲਾ ਕੀਤਾ ਹੈ।
ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ AAP ਲਈ ਵੱਡਾ ਝਟਕਾ ਹੋਵੇਗਾ, ਖਾਸ ਕਰਕੇ ਪੰਜਾਬ ਅਤੇ ਦਿੱਲੀ ਦੀ ਰਾਜਨੀਤੀ ‘ਤੇ ਇਸਦਾ ਡੂੰਘਾ ਅਸਰ ਪੈ ਸਕਦਾ ਹੈ।
ਫਿਲਹਾਲ, AAP ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਿਕ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ, ਪਰ ਪਾਰਟੀ ਦੇ ਅੰਦਰੂਨੀ ਹਾਲਾਤਾਂ ਬਾਰੇ ਚਰਚਾਵਾਂ ਤੇਜ਼ ਹੋ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਹ ਰਾਜਨੀਤਿਕ ਉਥਲ-ਪੁਥਲ ਕਿਸ ਪਾਸੇ ਮੋੜ ਲੈਂਦੀ ਹੈ।

About The Author