ਬਰਨਾਲਾ ਬੱਸ ਸਟੈਂਡ ਨੇੜੇ ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ’ਚ ਫੈਲੀ ਸਨਸਨੀ
ਬਰਨਾਲਾ, 29 ਅਪ੍ਰੈਲ (ਰਾਕੇਸ਼ ਜੇਠੀ): ਬਰਨਾਲਾ ਦੇ ਬੱਸ ਸਟੈਂਡ ਨੇੜੇ ਸਰਦਾਰ ਹੈਂਡਲੂਮ ਕੋਲ ਅੱਜ ਉਸ ਸਮੇਂ ਹੜਕੰਪ ਮੱਚ ਗਿਆ। ਜਦੋਂ ਉੱਥੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ’ਚ ਪਈ ਮਿਲੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਪੁਲਿਸ ਫੋਰਸ ਸਮੇਤ ਮੌਕੇ ਤੇ ਪਹੁੰਚੇ ਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਪੁਲਿਸ ਵਲੋਂ ਕੀਤੀ ਗਈ ਮੁਢਲੀ ਜਾਂਚ ਤੋਂ ਬਾਅਦ ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੋਗਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਦੇ ਆਧਾਰਤੇ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਦੀ ਮੌਤ ਕਿਨ੍ਹਾਂ ਕਾਰਨਾਂ ਕਰਕੇ ਹੋਈ। ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਤੇ ਇਸ ਨੂੰ ਲੈ ਕੇ ਕਈ ਤਰ੍ਹਾਂ ਦੇ ਖਦਸ਼ੇ ਜਤਾਏ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕੁਦਰਤੀ ਮੌਤ ਹੈ ਜਾਂ ਕੋਈ ਹੋਰ ਮਾਮਲਾ।
