ਗੁਰਦੁਆਰਾ ਸਾਹਿਬ ਦੇ ਸਾਹਮਣੇ ਖੁੱਲ੍ਹੇ ਸ਼ਰਾਬ ਦੇ ਠੇਕੇ ਤੇ ਚਿਕਨ ਕਾਰਨਰ ਦਾ ਤਿੱਖਾ ਵਿਰੋਧ, ਸੰਗਤਾਂ ਵਲੋਂ ਪ੍ਰਸ਼ਾਸਨ ਨੂੰ ਚਿਤਾਵਨੀ

PrimekhabarPunjab Gurudwarw

ਬਰਨਾਲਾ, 4 ਮਈ (ਰਾਕੇਸ਼ ਜੇਠੀ): ਬਰਨਾਲਾ ਦੇ ਗੱਡਾਖਾਨਾ ਚੌਂਕ ਨੇੜੇ ਅਗਰਸੈਨ ਚੌਕ ਦੇ ਕੋਲ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰਾ ਸਾਹਿਬ ਦੇ ਬਿਲਕੁਲ ਸਾਹਮਣੇ ਨਵਾਂ ਸ਼ਰਾਬ ਦਾ ਠੇਕਾ ਤੇ ਚਿਕਨ ਕਾਰਨਰ ਖੋਲ੍ਹੇ ਜਾਣ ਦਾ ਮਾਮਲਾ ਗਰਮਾ ਗਿਆ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੰਗਤਾਂ ਦਾ ਕਹਿਣਾ ਹੈ ਕਿ ਧਾਰਮਿਕ ਅਸਥਾਨ ਦੇ ਬਿਲਕੁਲ ਸਾਹਮਣੇ ਅਜਿਹੀਆਂ ਦੁਕਾਨਾਂ ਖੋਲ੍ਹਣਾ ਸਰਾਸਰ ਗਲਤ ਹੈ ਤੇ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਾਰਮਿਕ ਆਗੂਆਂ ਨੇ ਇਕਜੁੱਟ ਹੋ ਕੇ ਡੀਸੀ ਬਰਨਾਲਾ ਨੂੰ ਇਕ ਲਿਖਤੀ ਮੰਗ ਪੱਤਰ ਸੌਂਪਿਆ ਹੈ। ਇਸ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਸੰਗਤਾਂ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ ਇਸ ਠੇਕੇ ਤੇ ਚਿਕਨ ਕਾਰਨਰ ਨੂੰ ਤੁਰੰਤ ਇਥੋਂ ਹਟਾਇਆ ਜਾਵੇ। ਬੁਲਾਰਿਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਧਾਰਮਿਕ ਅਸਥਾਨ ਦੇ ਨੇੜੇ ਮਰਿਆਦਾ ਨੂੰ ਬਹਾਲ ਰੱਖਣ ਲਈ ਇਹ ਕਦਮ ਜਲਦੀ ਤੋਂ ਜਲਦੀ ਚੁਕਿਆ ਜਾਵੇ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਵਿਸ਼ੇਸ਼ ਗੱਲ ਇਹ ਰਹੀ ਕਿ ਹਿੰਦੂ ਤੇ ਸਿੱਖ ਭਾਈਚਾਰੇ ਨੇ ਇਕੱਠੇ ਹੋ ਕੇ ਇਸ ਦਾ ਵਿਰੋਧ ਕੀਤਾ। ਵਿਸ਼ਵ ਹਿੰਦੂ ਪਰਿਸ਼ਦ, ਬਜਰੰਗ ਦਲ ਤੇ ਹੋਰ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਸਖ਼ਤ ਲਹਿਜੇ ’ਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਠੇਕਾ ਤੇ ਚਿਕਨ ਕਾਰਨਰ ਜਲਦੀ ਨਾ ਚੁੱਕਵਾਇਆ ਗਿਆ ਤਾਂ ਸਮੁੱਚੀ ਸੰਗਤ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜ਼ਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀ ਮੰਗ ਰੱਖ ਰਹੇ ਹਨ। ਪਰ ਪ੍ਰਸ਼ਾਸਨ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਨਾ ਕਰੇ। ਇਸ ਰੋਸ ਪ੍ਰਦਰਸ਼ਨ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਐੱਮਸੀ ਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਵਿਭਾਗ ਮੰਤਰੀ ਨੀਲਮਣੀ ਸਮਾਧੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਆਪਣਾ ਰੋਸ ਪ੍ਰਗਟਾਇਆ।

About The Author