ਮੰਗ ਪੱਤਰ ਦੇਣ ਪਹੁੰਚੀਆਂ ਆਸ਼ਾ ਵਰਕਰਾਂ ਨਾਲ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ: ਪਵਨਦੀਪ ਕੌਰ

ਮਾਨਸਾ, 9 ਮਈ(ਰਾਕੇਸ਼ ਜੇਠੀ) — ਮਿਤੀ 8 ਮਈ 2026 ਨੂੰ ਮਾਨਸਾ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ “ਸ਼ੁਕਰਾਨਾ ਯਾਤਰਾ” ਦੌਰਾਨ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਨਰੋਲ ਯੂਨੀਅਨ ਦੀ ਜਨਰਲ ਸਕੱਤਰ ਅਤੇ ਸੂਬਾਈ ਆਗੂ ਕਿਰਨਜੀਤ ਕੌਰ ਟਾਲੀਆਂ ਦੀ ਅਗਵਾਈ ਹੇਠ ਜਰੀਨਾ ਬੇਗਮ ਸਮੇਤ ਤਿੰਨ ਮੈਂਬਰੀ ਡੈਪੂਟੇਸ਼ਨ ਮੌਕੇ ’ਤੇ ਪਹੁੰਚਿਆ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਭਿਆਨਕ ਗਰਮੀ ਦੇ ਬਾਵਜੂਦ ਸਾਰਾ ਦਿਨ ਸੰਘਰਸ਼ ਕਰਦੀਆਂ ਰਹੀਆਂ ਤਾਂ ਜੋ ਆਪਣੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਈਆਂ ਜਾ ਸਕਣ। ਪਰੰਤੂ ਪ੍ਰਸ਼ਾਸਨ ਵੱਲੋਂ ਵਰਕਰਾਂ ਨਾਲ ਧੱਕੇਸ਼ਾਹੀ ਅਤੇ ਬੇਇਨਸਾਫੀ ਭਰਾ ਵਤੀਰਾ ਅਪਣਾਇਆ ਗਿਆ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮਾਮਲੇ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਜਨਰਲ ਸਕੱਤਰ ਸ਼ਿੰਦਰਪਾਲ ਕੌਰ ਵਾਲਿਆਂ ਬਾਲੀ, ਸੂਬਾਈ ਆਗੂ ਜਸਵੀਰ ਕੌਰ ਭਾਦਸੋ, ਸੀਨੀਅਰ ਮੀਤ ਪ੍ਰਧਾਨ ਦਿਲਜੀਤ ਕੌਰ ਫਰੀਦਕੋਟ, ਪਵਨਦੀਪ ਕੌਰ ਬਰਨਾਲਾ, ਮਨਦੀਪ ਕੌਰ ਮੋਗਾ ਅਤੇ ਸਮੂਹ ਸੂਬਾ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਪਹੁੰਚੀਆਂ ਭੈਣਾਂ ਨਾਲ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦਾ ਵਿਵਹਾਰ ਬਿਲਕੁਲ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਤੁਰੰਤ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
