ਬਰਨਾਲਾ ਦੇ ਕੱਚਾ ਕਾਲਜ ਰੋਡ ’ਤੇ ਨੌਜਵਾਨ ’ਤੇ ਫਾਇਰਿੰਗ, ਗੰਭੀਰ ਜ਼ਖਮੀ

Prime Khabar punjab Fire

ਬਰਨਾਲਾ, 15 ਮਈ (ਰਾਕੇਸ਼ ਜੇਠੀ): ਬਰਨਾਲਾ ਸ਼ਹਿਰ ਦੇ ਕੱਚਾ ਕਾਲਜ ਰੋਡ ’ਤੇ ਅੱਜ ਉਸ ਵੇਲੇ ਸਨਸਨੀ ਫੈਲ ਗਈ ਤੇ ਆਸਪਾਸ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਇਕ ਨੌਜਵਾਨ ’ਤੇ ਦਿਨ-ਦਿਹਾੜੇ ਫਾਇਰਿੰਗ ਕਰ ਦਿੱਤੀ ਗਈ। ਇਸ ਹਥਿਆਰਬੰਦ ਹਮਲੇ ’ਚ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਸੇਖਾ ਰੋਡ ਦਾ ਰਹਿਣ ਵਾਲਾ ਰੋਹਣ ਕੁਮਾਰ ਜਦੋਂ ਕੱਚਾ ਕਾਲਜ ਰੋਡ ’ਤੇ ਸਥਿਤ ਇਕ ਗਲੀ ਦੇ ਨੇੜੇ ਮੌਜੂਦ ਸੀ ਤਾਂ ਅਚਾਨਕ ਤਿੰਨ ਤੋਂ ਚਾਰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਚਾਰੋਂ ਤਰਫ਼ੋਂ ਘੇਰ ਲਿਆ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝ ਪਾਉਂਦਾ, ਹਮਲਾਵਰਾਂ ਨੇ ਅਚਾਨਕ ਰੋਹਣ ਕੁਮਾਰ ’ਤੇ ਸਿੱਧੀ ਗੋਲੀ ਚਲਾ ਦਿੱਤੀ। ਗੋਲੀ ਰੋਹਣ ਦੀ ਪਿੱਠ ’ਤੇ ਜਾ ਲੱਗੀ। ਜਿਸ ਕਾਰਨ ਉਹ ਚੀਕਦਾ ਹੋਇਆ ਜ਼ਮੀਨ `ਤੇ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਦਿਨ-ਦਿਹਾੜੇ ਗੋਲੀ ਚੱਲਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ ’ਚ ਅਫੜਾ-ਦਫੜੀ ਤੇ ਭਾਜੜ ਮਚ ਗਈ। ਸਥਾਨਕ ਲੋਕਾਂ ਨੇ ਹਿੰਮਤ ਦਿਖਾਉਂਦਿਆਂ ਤੁਰੰਤ ਜ਼ਖਮੀ ਰੋਹਣ ਕੁਮਾਰ ਨੂੰ ਸੰਭਾਲਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਜਿਥੇ ਜੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-1 ਦੀ ਪੁਲਿਸ ਟੀਮ ਫੋਰਸ ਸਣੇ ਮੌਕੇ ’ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਸਿਟੀ-1 ਦੇ ਮੁਖ ਅਫ਼ਸਰ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਸਾਡੀ ਟੀਮ ਵਲੋਂ ਘਟਨਾ ਸਥਾਨ ਤੇ ਆਸ-ਪਾਸ ਦੇ ਪੂਰੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੇ ਆਉਣ-ਜਾਣ ਦੇ ਰੂਟ ਤੇ ਉਨ੍ਹਾਂ ਦੀ ਪਛਾਣ ਦਾ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਪੀੜਤ ਰੋਹਣ ਕੁਮਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
—ਸ਼ਹਿਰ ਵਾਸੀਆਂ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ
ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਸ਼ਹਿਰ ਵਾਸੀਆਂ ’ਚ ਆਪਣੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਤੇ ਸਹਿਮ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਹਿਰ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਹੁਤ ਜਲਦ ਇਸ ਮਾਮਲੇ ਦੀ ਗੁੱਥੀ ਸੁਲਝਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

About The Author