15 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਤਸਕਰ ਗ੍ਰਿਫ਼ਤਾਰ — ਬਰਨਾਲਾ ਪੁਲੀਸ ਦੀ ਵੱਡੀ ਕਾਰਵਾਈ

PrimekhabarPunjab Bnl police

ਬਰਨਾਲਾ, 21 ਮਈ(ਰਾਕੇਸ਼ ਜੇਠੀ): ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਰਨਾਲਾ ਪੁਲੀਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲੀਸ ਨੇ 15 ਕੁਇੰਟਲ ਭੁੱਕੀ ਚੂਰਾ ਪੋਸਤ ਨਾਲ ਭਰੇ 14 ਟਾਇਰੀ ਟਰੱਕ ਨੂੰ ਕਾਬੂ ਕਰਕੇ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਰਾਮਦ ਨਸ਼ੇ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 75 ਲੱਖ ਰੁਪਏ ਅੰਦਾਜ਼ੀ ਲਗਾਈ ਜਾ ਰਹੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ (ਡੀ) ਰਜਿੰਦਰ ਪਾਲ ਨੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਬਾਹਰੀ ਸੂਬਿਆਂ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ। ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਹੰਡਿਆਇਆ ਚੌਂਕ ਨੇੜੇ ਨਾਕਾਬੰਦੀ ਕੀਤੀ।
ਨਾਕਾਬੰਦੀ ਦੌਰਾਨ ਇੱਕ ਸ਼ੱਕੀ 14 ਟਾਇਰੀ ਟਰੱਕ (ਨੰਬਰ PB-46-M-9409) ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਟਰੱਕ ਵਿੱਚੋਂ 60 ਬੋਰੀਆਂ ਵਿੱਚ ਭਰੀ ਹੋਈ ਕੁੱਲ 15 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲੀਸ ਨੇ ਮੌਕੇ ’ਤੇ ਹੀ ਦੋਵਾਂ ਤਸਕਰਾਂ ਨੂੰ ਕਾਬੂ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਜਿੰਦਾ ਵਾਸੀ ਧਰਮਕੋਟ (ਜ਼ਿਲ੍ਹਾ ਮੋਗਾ) ਅਤੇ ਸੁਖਦੇਵ ਸਿੰਘ ਉਰਫ ਸੁਖਚੈਨ ਸਿੰਘ ਵਾਸੀ ਕੁੱਸੇ (ਜ਼ਿਲ੍ਹਾ ਲੁਧਿਆਣਾ) ਵਜੋਂ ਹੋਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ, ਜਦਕਿ ਸੁਖਦੇਵ ਸਿੰਘ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ।
ਪੁਲੀਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਬਰਨਾਲਾ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਜਾਲ ਬਾਰੇ ਹੋਰ ਵੀ ਚੌਕਾਂਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਬਰਨਾਲਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਨਾਲ ਨਸ਼ਾ ਮਾਫੀਆ ਵਿੱਚ ਹੜਕੰਪ ਮਚ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀਆਂ ਗ੍ਰਿਫ਼ਤਾਰੀਆਂ ਦੀ ਉਮੀਦ ਜਤਾਈ ਜਾ ਰਹੀ ਹੈ।

About The Author

You may have missed