ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ, ਲੋਕ ਹੋਏ ਖੱਜਲ-ਖੁਆਰ

WhatsApp Image 2026-05-27 at 17.42.14

14 ਸੇਵਾ ਕੇਂਦਰਾਂ ’ਚ ਕੰਮ ਠੱਪ, ਤਨਖ਼ਾਹਾਂ ’ਚ ਵਾਧੇ ਦੀ ਕੀਤੀ ਮੰਗ

ਬਰਨਾਲਾ, 27 ਮਈ (ਰਾਕੇਸ਼ ਜੇਠੀ): ਸੇਵਾ ਕੇਂਦਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਰਨਾਲਾ ਨੇ ਮੰਗਾਂ ਸਬੰਧੀ ਕੰਮਕਾਜ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਅੰਦਰ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ, ਸ਼ਹਿਣਾ ਵਿਖੇ ਚੱਲ ਰਹੇ 14 ਦੇ ਕਰੀਬ ਸੇਵਾ ਕੇਂਦਰਾਂ ’ਚ ਬੁੱਧਵਾਰ ਨੂੰ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਸੇਵਾ ਕੇਂਦਰ ’ਚ ਕੰਮ ਕਰਦੇ ਮੁਲਾਜ਼ਮਾਂ ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਬਲਕਾਰ ਸਿੰਘ, ਦਿਲਦਾਰ ਖਾਨ, ਸੰਦੀਪ ਕੌਰ ਤੇ ਗੁਰਵਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਹਨ। ਅੱਜ ਦੇ ਮਹਿੰਗਾਈ ਦੇ ਦੌਰ ’ਚ ਉਨ੍ਹਾਂ ਦੀਆਂ ਤਨਖ਼ਾਹਾਂ ਘੱਟ ਹੋਣ ਕਾਰਨ ਉਨ੍ਹਾਂ ਨੂੰ ਘਰਾ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ। ਠੇਕੇਦਾਰੀ ਸਿਸਟਮ ਰਾਹੀਂ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਨੌਕਰੀ ਸਬੰਧੀ ਵੀ ਕੋਈ ਸੁਰੱਖਿਆ ਨਹੀਂ ਹੈ। ਮੁਲਾਜ਼ਮਾਂ ਨੂੰ ਲਗਾਤਾਰ ਟਾਰਗੇਟ ਦਿੱਤੇ ਜਾਂਦੇ ਹਨ। ਜਿਸ ਕਾਰਨ ਉਹ ਮਾਨਸਿਕ ਤਣਾਅ ’ਚ ਰਹਿੰਦੇ ਹਨ। ਜਿਸ ਤੋਂ ਖਫ਼ਾ ਹੋ ਕੇ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਿਆ।

ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ, ਪੋਸਟ ਨੂੰ ਰੈਗੂਲਰ ਕੀਤਾ ਜਾਵੇ, ਠੇਕੇਦਾਰੀ ਸਿਸਟਮ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇ, ਸਮਾਨ ਹੱਕ ਤੇ ਸਮਾਨ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਨੂੰ ਛੁੱਟੀ ਵਾਲੇ ਦਿਨ ਛੁੱਟੀ ਦਿੱਤੀ ਜਾਵੇ, ਤੈਅ ਸਮੇਂ ਅਨੁਸਾਰ ਹੀ ਕੰਮ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਤਹਿਸੀਲ ਅੰਦਰ ਬਣੇ ਸੇਵਾ ਕੇਂਦਰ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਆਪਣਾ ਕੰਮਕਾਜ ਕਰਵਾਉਣ ਲਈ ਆਉਂਦੇ ਹਨ। ਪਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਨ ਲਈ ਮਜਬੂਰ ਹੋਣਾ ਪਿਆ। ਸੇਵਾ ਕੇਂਦਰ ’ਚ ਆਪਣਾ ਕੰਮਕਾਜ ਕਰਵਾਉਣ ਲਈ ਪੁੱਜੇ ਲੋਕਾਂ ਹਰਪਾਲ ਸਿੰਘ, ਗੁਰਨਾਮ ਕੌਰ, ਜੈਸਮੀਨ ਆਦਿ ਨੇ ਕਿਹਾ ਕਿ ਉਹ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਲਈ ਆਏ ਸਨ। ਪਰ ਹੜਤਾਲ ਕਾਰਨ ਉਨ੍ਹਾਂ ਨੂੰ ਖਾਲੀ ਕੁਰਸੀਆਂ ਦੇ ਦਰਸ਼ਨ ਕਰਕੇ ਵਾਪਸ ਮੁੜਨ ਲਈ ਮਜਬੂਰ ਹੋਣਾ ਪਿਆ।

About The Author

You may have missed