ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ: 700 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਕਾਬੂ

PrimeKhabarPunjab City 2

ਬਰਨਾਲਾ, 28 ਮਈ (ਰਾਕੇਸ਼ ਜੇਠੀ ): ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਸਿਟੀ-2 ਥਾਣਾ ਪੁਲਿਸ ਨੇ 700 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਦੋ ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਸਿਟੀ-2 ਥਾਣੇ ਦੇ ਐਸਐਚਓ ਸ਼ਰੀਫ ਖਾਨ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਖਾਸ ਮੁਖ਼ਬਰ ਤੋਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਤਾਜ ਮੁਹੰਮਦ ਪੁੱਤਰ ਅਲੀ ਸ਼ੇਰ ਵਾਸੀ ਸ਼ਾਹਪੁਰ ਜ਼ਿਲ੍ਹਾ ਲੁਧਿਆਣਾ, ਜੋ ਇਸ ਸਮੇਂ ਈਦਗਾਹ ਰੋਡ ਨੇੜੇ ਸਾਬਣ ਫੈਕਟਰੀ ਮਲੇਰਕੋਟਲਾ ਵਿਖੇ ਰਹਿ ਰਿਹਾ ਹੈ, ਬਾਹਰੀ ਸੂਬਿਆਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਦਾ ਧੰਧਾ ਕਰਦਾ ਹੈ।
ਮੁਖ਼ਬਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਦੋਸ਼ੀ ਇੱਕ ਟਾਟਾ 1618 ਟਰੱਕ ਨੰਬਰ PB-13-BT-9595 ਰਾਹੀਂ ਭੁੱਕੀ ਦੀ ਵੱਡੀ ਖੇਪ ਲੈ ਕੇ ਬਰਨਾਲਾ ਆ ਰਿਹਾ ਹੈ ਅਤੇ ਇਹ ਖੇਪ ਲਾਲਾ ਸਿੰਘ ਨਾਮਕ ਵਿਅਕਤੀ ਨੂੰ ਸਪਲਾਈ ਕੀਤੀ ਜਾਣੀ ਹੈ, ਜੋ ਨੇੜੇ ਛੱਜੂ ਰੋਸ਼ਨ ਦੇ ਕਾਰਖਾਨੇ ਕੋਲ ਰਹਿੰਦਾ ਹੈ।
ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਵੱਲੋਂ ਤੁਰੰਤ ਨਾਕਾਬੰਦੀ ਕਰਕੇ ਉਕਤ ਟਰੱਕ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਟਰੱਕ ਵਿੱਚੋਂ 700 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਮੌਕੇ ‘ਤੇ ਹੀ ਤਾਜ ਮੁਹੰਮਦ ਨੂੰ ਕਾਬੂ ਕਰ ਲਿਆ ਅਤੇ ਟਰੱਕ ਵੀ ਜ਼ਬਤ ਕਰ ਲਿਆ।
ਡੀਐਸਪੀ ਬੈਂਸ ਨੇ ਦੱਸਿਆ ਕਿ ਮਾਮਲੇ ਵਿੱਚ ਤਾਜ ਮੁਹੰਮਦ ਦੇ ਨਾਲ-ਨਾਲ ਭਵਨ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਚੀਮਾ ਸ਼ੇਰਗੜ੍ਹ ਜ਼ਿਲ੍ਹਾ ਮਲੇਰਕੋਟਲਾ ਅਤੇ ਲਾਲਾ ਸਿੰਘ ਪੁੱਤਰ ਨਾਮਾਲੂਮ ਵਾਸੀ ਨੇੜੇ ਛੱਜੂ ਰੋਸ਼ਨ ਕਾਰਖਾਨਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ ਅਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਤਾਜ ਮੁਹੰਮਦ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਈ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪੁਲਿਸ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਨਸ਼ੇ ਦੀ ਖੇਪ ਕਿਹੜੇ ਸੂਬੇ ਤੋਂ ਲਿਆਂਦੀ ਗਈ ਸੀ ਅਤੇ ਇਸ ਦੇ ਪਿੱਛੇ ਕਿਹੜਾ ਤਸਕਰੀ ਨੈੱਟਵਰਕ ਕੰਮ ਕਰ ਰਿਹਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

About The Author

You may have missed