ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਦਾ ਸੰਘਰਸ਼ ਤੇਜ਼, ਰੋਸ ਪ੍ਰਦਰਸ਼ਨ ਕਰਕੇ ‘ਆਪ’ ਸਰਕਾਰ ਦੀ ਬੇਰੁਖੀ ਖਿਲਾਫ ਕੀਤਾ ਪਿੱਟ ਸਿਆਪਾ

ਸੰਘਰਸ਼ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਏਟਕ ਵਲੋਂ ਦਿੱਤਾ ਸਮਰਥਨ: 6 ਜੂਨ ਨੂੰ ਮੰਤਰੀ ਅਮਨ ਅਰੋੜਾ ਦੇ ਸ਼ਹਿਰ ਹੋਵੇਗਾ ਰੋਸ ਪ੍ਰਦਰਸ਼ਨ
ਬਰਨਾਲਾ, 4 ਜੂਨ (ਰਾਕੇਸ਼ ਜੇਠੀ): ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਿਥੇ ਧਰਨਾ 10ਵੇਂ ਦਿਨ ’ਚ ਦਾਖਲ ਹੋ ਗਿਆ। ਉੱਥੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਪਿੱਟ ਸਿਆਪਾ ਕੀਤਾ ਗਿਆ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਬੇਅੰਤ ਸਿੰਘ ਤੇ ਲਖਵਿੰਦਰ ਸਿੰਘ, ਪ੍ਰੈੱਸ ਸਕੱਤਰ ਸੈਂਬਰ ਸਿੰਘ, ਖਜਾਨਚੀ ਜਗਸੀਰ ਸਿੰਘ, ਸਲਾਹਕਾਰ ਲਵਪ੍ਰੀਤ ਸਿੰਘ, ਚਰਨਜੀਤ ਸਿੰਘ, ਜਗਦੀਪ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਕੌਰ, ਸੰਦੀਪ ਕੌਰ, ਪੂਨਮ ਰਾਣੀ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ ਤੇ ਸ਼ਹਿਣਾ ਸਣੇ ਕਰੀਬ 14 ਸੇਵਾ ਕੇਂਦਰਾਂ ’ਚ 26 ਮਈ ਤੋਂ ਕੰਮਕਾਜ ਪੂਰੀ ਤਰ੍ਹਾਂ ਠੱਪ ਪਿਆ ਹੈ। ਪਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਦੱਸਿਆ ਕਿ ਮੰਗਾਂ ’ਚ ਸੇਵਾ ਕੇਂਦਰਾਂ ’ਚ ਚੱਲ ਰਹੀ ਆਊਟਸੋਰਸਿੰਗ ਪ੍ਰਣਾਲੀ ਨੂੰ ਤੁਰੰਤ ਖਤਮ ਕਰਨਾ ਤੇ ਮੁਲਾਜ਼ਮਾਂ ਨੂੰ ਸਰਕਾਰ ਦੇ ਸਿੱਧੇ ਅਧੀਨ ਲਿਆਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਤਨਖਾਹਾਂ ’ਚ ਯੋਗ ਵਾਧਾ ਕਰਨ ਤੇ ਗੈਰਕਾਨੂੰਨੀ ਤਰੀਕੇ ਨਾਲ ਨੌਕਰੀ ਤੋਂ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਹੜਤਾਲ ਦੌਰਾਨ ਨਵੀਂ ਭਰਤੀ ਕਰਨਾ ਇੰਡਸਟ੍ਰੀਅਲ ਡਿਸਪਿਊਟ ਐਕਟ 1947 ਦੀ ਧਾਰਾ 25-ਟੀ ਤੇ 25-ਯੂ ਦੀ ਸਪੱਸ਼ਟ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਤਜ਼ਰਬੇਕਾਰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਤੋਂ ਬਾਅਦ ਸਰਕਾਰ ਹੁਣ ਨਵੀਂ ਭਰਤੀ ਕਰਕੇ ਨੌਜਵਾਨਾਂ ਦਾ ਵੀ ਸ਼ੋਸ਼ਣ ਕਰਨ ਦੀ ਤਿਆਰੀ ’ਚ ਹੈ। ਜੋ ਕਿ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਘਰਸ਼ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਏਟਕ ਵਲੋਂ ਸਮਰਥਨ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਜਲਦੀ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਕਿਰਤੀਆਂ ਦੀ ਪਿੱਠ ’ਤੇ ਪੂਰੀ ਤਰ੍ਹਾਂ ਖੜ੍ਹਾ ਹੈ ਤੇ ਲਗਾਤਾਰ ਇਨ੍ਹਾਂ ਦੇ ਸੰਘਰਸ਼ ’ਚ ਡੱਟ ਕੇ ਸਾਥ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 6 ਜੂਨ ਸ਼ਨੀਵਾਰ ਨੂੰ ਸੁਨਾਮ ਵਿਖੇ ਮਾਲ ਮੰਤਰੀ ਅਮਨ ਅਰੋੜਾ ਦੇ ਸ਼ਹਿਰ ’ਚ ਵੱਡਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ। ਜੇਕਰ ਫਿਰ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
