ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਵਾਬ ਲਾਠੀਆਂ ਨਾਲ…

ਸੁਨਾਮ ‘ਚ ਸ਼ਾਂਤਮਈ ਧਰਨੇ ਤੋਂ ਪਹਿਲਾਂ ਹੀ ਪੁਲਿਸ ਦਾ ਐਕਸ਼ਨ, ਸਰਕਾਰ ਘਿਰੀ ਸਵਾਲਾਂ ਦੇ ਘੇਰੇ ਵਿੱਚ
ਸੁਨਾਮ, 6 ਜੂਨ(ਰਾਕੇਸ਼ ਜੇਠੀ) – ਇੱਕ ਪਾਸੇ ਪੰਜਾਬ ਸਰਕਾਰ ਆਪਣੇ ਆਪ ਨੂੰ ਮੁਲਾਜ਼ਮ ਹਿਤੈਸ਼ੀ ਦੱਸਦੀ ਹੈ, ਦੂਜੇ ਪਾਸੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਲਾਠੀਆਂ ਅਤੇ ਗ੍ਰਿਫ਼ਤਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਅੱਜ ਸੁਨਾਮ ਦੀ ਦਾਣਾ ਮੰਡੀ ਵਿੱਚ ਸ਼ਾਂਤਮਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਦੋਸ਼ ਹਨ ਕਿ ਪੰਜਾਬ ਪੁਲਿਸ ਨੇ ਧਰਨੇ ਤੋਂ ਪਹਿਲਾਂ ਹੀ ਮੁਲਾਜ਼ਮਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਬੱਸਾਂ ਵਿੱਚ ਭਰ ਕੇ ਵੱਖ-ਵੱਖ ਥਾਣਿਆਂ ਵਿੱਚ ਡੱਕ ਦਿੱਤਾ।
ਸੇਵਾ ਕੇਂਦਰ ਯੂਨੀਅਨ ਬਰਨਾਲਾ ਦੀ ਵਾਈਸ ਪ੍ਰਧਾਨ ਗੁਰਵਿੰਦਰ ਕੌਰ ਨੇ ਦੱਸਿਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਵੀ ਸਕਾਰਾਤਮਕ ਹੁੰਗਾਰਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਪੰਜਾਬ ਤੋਂ ਮੁਲਾਜ਼ਮ ਸੁਨਾਮ ਵਿੱਚ ਇਕੱਠੇ ਹੋਣ ਲਈ ਪਹੁੰਚ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਲਾਠੀਚਾਰਜ ਕੀਤਾ ਅਤੇ ਗ੍ਰਿਫ਼ਤਾਰ ਕਰ ਲਿਆ।
ਮੁਲਾਜ਼ਮਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਕੀਤੀ ਗਈ ਇਸ ਕਾਰਵਾਈ ਨੇ ਲੋਕਤੰਤਰਕ ਅਧਿਕਾਰਾਂ ਨੂੰ ਕੁਚਲਣ ਦਾ ਕੰਮ ਕੀਤਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਰੱਖਣਾ ਚਾਹੁੰਦੇ ਹਨ ਤਾਂ ਕੀ ਉਨ੍ਹਾਂ ਨੂੰ ਇਸ ਦਾ ਵੀ ਅਧਿਕਾਰ ਨਹੀਂ?
ਹੋਰ ਵੀ ਗੰਭੀਰ ਦੋਸ਼ ਲਗਾਉਂਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਪੁਲਿਸ ਕਾਰਵਾਈ ਦੌਰਾਨ ਕੋਈ ਵੀ ਮਹਿਲਾ ਪੁਲਿਸ ਕਰਮਚਾਰੀ ਮੌਜੂਦ ਨਹੀਂ ਸੀ, ਫਿਰ ਵੀ ਔਰਤ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਉਨ੍ਹਾਂ ‘ਤੇ ਵੀ ਡੰਡੇ ਵਰਸਾਏ ਗਏ। ਇਸ ਮਾਮਲੇ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ‘ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਮੁਲਾਜ਼ਮਾਂ ਨੇ ਕਿਸਾਨ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਗ੍ਰਿਫ਼ਤਾਰ ਕੀਤੇ ਕਰਮਚਾਰੀਆਂ ਨੂੰ ਥਾਣਿਆਂ ਤੋਂ ਛੁਡਵਾਇਆ ਗਿਆ ਅਤੇ ਬਾਅਦ ਵਿੱਚ ਸੁਨਾਮ ਦਾਣਾ ਮੰਡੀ ਵਿੱਚ ਧਰਨਾ ਲਗਾਉਣਾ ਸੰਭਵ ਹੋ ਸਕਿਆ।
ਹੁਣ ਵੱਡਾ ਸਵਾਲ ਇਹ ਹੈ ਕਿ ਜਿਹੜੀ ਸਰਕਾਰ ਬਦਲਾਅ ਅਤੇ ਲੋਕਤੰਤਰ ਦੀ ਗੱਲ ਕਰਦੀ ਹੈ, ਉਹ ਆਪਣੇ ਹੀ ਮੁਲਾਜ਼ਮਾਂ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਦੀਆਂ ਲਾਠੀਆਂ ਨਾਲ ਜਵਾਬ ਕਿਉਂ ਦੇ ਰਹੀ ਹੈ? ਕੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਨਾਲ ਨਹੀਂ ਸਗੋਂ ਤਾਕਤ ਦੇ ਪ੍ਰਯੋਗ ਨਾਲ ਕੀਤਾ ਜਾਵੇਗਾ?
ਸੇਵਾ ਕੇਂਦਰ ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਠੋਸ ਅਤੇ ਸੰਤੋਸ਼ਜਨਕ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਬੇਅੰਤ ਸਿੰਘ, ਗੁਰਵਿੰਦਰ ਕੌਰ, ਸਿਮਰਨਜੀਤ ਕੌਰ, ਪੂਨਮ ਰਾਣੀ, ਜਗਸੀਰ ਸਿੰਘ, ਲਵਪ੍ਰੀਤ ਸਿੰਘ ਅਤੇ ਜਗਤਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ
