ਪੰਜਾਬ ਸਰਕਾਰ ਖ਼ਿਲਾਫ਼ ਮਿਊਂਸਿਪਲ ਮੁਲਾਜ਼ਮਾਂ ਦਾ ਮੋਰਚਾ ਤੇਜ਼, ਅਜ ਖਰੜ ਵਿੱਚ ਮਹਾ ਰੋਸ ਰੈਲੀ

ਹੰਡਿਆਇਆ, 24 ਜੂਨ (ਰਾਕੇਸ਼ ਜੇਠੀ) – ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ 24 ਜੂਨ ਨੂੰ ਖਰੜ ਵਿਖੇ ਵਿਸ਼ਾਲ ਮਹਾ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਲੈ ਕੇ ਸੂਬੇ ਭਰ ਦੇ ਮਿਊਂਸਿਪਲ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਊਂਸਿਪਲ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਾਰ-ਵਾਰ ਭਰੋਸੇ ਤਾਂ ਦੇ ਰਹੀ ਹੈ ਪਰ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਦੇਖੀ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫਾਈ ਸੇਵਕ ਯੂਨੀਅਨ ਨੇ ਸਾਂਝੇ ਤੌਰ ’ਤੇ ਖਰੜ ਵਿਖੇ ਮਹਾ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਮੁਲਾਜ਼ਮ ਅਤੇ ਸਫਾਈ ਸੇਵਕ ਸ਼ਮੂਲੀਅਤ ਕਰਨਗੇ।
ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਰਾਮਕ੍ਰਿਸ਼ਨ, ਸੰਜੇ ਕੁਮਾਰ, ਰਵੀ, ਨਿਖਿਲ, ਵਿਸ਼ਾਲ, ਅਮਨਦੀਪ, ਮੀਤ ਪ੍ਰਧਾਨ ਰਾਣੀ ਹੰਡਿਆਇਆ, ਪੰਕਜ, ਸ਼ੇਖਰ, ਰਾਣੀ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਅਤੇ ਯੂਨੀਅਨ ਆਗੂ ਹਾਜ਼ਰ ਸਨ।
ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਜਲਦ ਗੱਲਬਾਤ ਨਾ ਹੋਈ ਤਾਂ ਇਹ ਮਸਲਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਦਾ ਇੱਕ ਅਹਿਮ ਮੁੱਦਾ ਬਣ ਸਕਦਾ ਹੈ।
