ਬਠਿੰਡਾ-ਸੰਗਰੂਰ ਹਾਈਵੇ ‘ਤੇ ਦਰਦਨਾਕ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਚਾਲਕਾਂ ਦੀ ਮੌਤ

PrimeKhabarPunjab Accident

ਹੰਡਿਆਇਆ:26 ਜੂਨ(ਰਾਕੇਸ਼ ਜੇਠੀ)-ਬੀਤੀ ਸ਼ਾਮ ਬਠਿੰਡਾ-ਸੰਗਰੂਰ ਹਾਈਵੇ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਕਾਰ ਅਤੇ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਸੰਗਰੂਰ ਵੱਲ ਆ ਰਹੀ ਇੱਕ ਆਈ-20 ਕਾਰ (ਨੰਬਰ UP16 BR 1820) ਨੇ ਅੱਗੇ ਜਾ ਰਹੇ ਇੱਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸੜਕ ਕਿਨਾਰੇ ਖਤਾਨਾਂ ਵਿੱਚ ਜਾ ਡਿੱਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਬੂਟਾ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ।
ਹਾਦਸੇ ਤੋਂ ਬਾਅਦ ਕਾਰ ਚਾਲਕ ਆਪਣਾ ਸੰਤੁਲਨ ਗੁਆ ਬੈਠਾ, ਜਿਸ ਕਾਰਨ ਕਾਰ ਸੜਕ ਕਿਨਾਰੇ ਲੱਗੇ ਇੱਕ ਦਰਖਤ ਨਾਲ ਟਕਰਾ ਗਈ ਅਤੇ ਖਤਾਨਾਂ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਚਾਲਕ ਹਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗੁਰੂ ਨਾਨਕ ਨਗਰ, ਰਾਮਪੁਰਾ (ਬਠਿੰਡਾ) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਸੂਚਨਾ ਮਿਲਣ ‘ਤੇ ਐਸਐਸਐਫ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਹਰਪ੍ਰੀਤ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਲਈ ਯਤਨ ਕੀਤੇ ਗਏ, ਪਰ ਉਹ ਗੰਭੀਰ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ।
ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

About The Author