ਹੰਡਿਆਇਆ ਦੇ ਵਾਟਰ ਸਪਲਾਈ ਦਫ਼ਤਰ ਵਿੱਚ ਚੋਰੀ, ਖਿੜਕੀ ਤੋੜ ਕੇ ਕੰਪਿਊਟਰ ਐਲਈਡੀ ਲੈ ਗਏ ਚੋਰ

ਹੰਡਿਆਇਆ, 27ਜੂਨ(ਰਾਕੇਸ਼ ਜੇਠੀ) – ਹੰਡਿਆਇਆ ਸਥਿਤ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਦਫ਼ਤਰ ਵਿੱਚ ਚੋਰੀ ਦੀ ਵਾਰਦਾਤ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਅਣਪਛਾਤੇ ਚੋਰ ਦਫ਼ਤਰ ਦੀ ਖਿੜਕੀ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਉਥੋਂ ਕੰਪਿਊਟਰ ਨਾਲ ਜੁੜੀ ਐਲਈਡੀ ਚੋਰੀ ਕਰਕੇ ਫ਼ਰਾਰ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਕਰਮਚਾਰੀਆਂ ਬਲਜਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸ਼ਨੀਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਦਫ਼ਤਰ ਵਿੱਚ ਲੱਗੀ ਕੰਪਿਊਟਰ ਐਲਈਡੀ ਗਾਇਬ ਸੀ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਦਫ਼ਤਰ ਦੀ ਇੱਕ ਖਿੜਕੀ ਟੁੱਟੀ ਹੋਈ ਸੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਚੋਰ ਖਿੜਕੀ ਰਾਹੀਂ ਅੰਦਰ ਦਾਖ਼ਲ ਹੋਏ ਸਨ।
ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ ਕਿ ਰਾਤ ਦੇ ਸਮੇਂ ਕੁਝ ਨਸ਼ੇੜੀ ਕਿਸਮ ਦੇ ਵਿਅਕਤੀ ਦਫ਼ਤਰ ਦੇ ਆਸ-ਪਾਸ ਇਕੱਠੇ ਹੁੰਦੇ ਹਨ ਅਤੇ ਉੱਥੇ ਸ਼ਰਾਬ ਸਮੇਤ ਹੋਰ ਨਸ਼ੇ ਕਰਦੇ ਹਨ। ਇਸ ਗੱਲ ਦੀ ਪੁਸ਼ਟੀ ਦਫ਼ਤਰ ਦੇ ਨੇੜੇ ਪਈਆਂ ਸ਼ਰਾਬ ਦੀਆਂ ਖਾਲੀ ਬੋਤਲਾਂ ਤੋਂ ਵੀ ਹੁੰਦੀ ਹੈ, ਜੋ ਕਈ ਦਿਨਾਂ ਤੋਂ ਉੱਥੇ ਦੇਖੀਆਂ ਜਾ ਰਹੀਆਂ ਸਨ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਤੁਰੰਤ ਆਪਣੇ ਉੱਚ ਅਧਿਕਾਰੀਆਂ ਅਤੇ ਪੁਲਿਸ ਚੌਂਕੀ ਹੰਡਿਆਇਆ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਇਸ ਚੋਰੀ ਦੀ ਘਟਨਾ ਨੇ ਇੱਕ ਵਾਰ ਫਿਰ ਸਰਕਾਰੀ ਦਫ਼ਤਰਾਂ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਫ਼ਤਰਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਲਈ ਰਾਤ ਸਮੇਂ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
