ਛੇਵੇਂ ਦਿਨ ਵੀ ਜਾਰੀ ਰਹੀ ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ

WhatsApp Image 2026-07-13 at 12.43.44

ਹੰਡਿਆਇਆ, 13 ਜੁਲਾਈ(ਰਾਕੇਸ਼ ਜੇਠੀ): ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਸਫਾਈ ਸੇਵਕਾਂ ਵੱਲੋਂ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਈ। ਹੜਤਾਲੀ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ ਅਤੇ ਮੀਤ ਪ੍ਰਧਾਨ ਰਾਣੀ ਹੰਡਿਆਇਆ ਨੇ ਦੱਸਿਆ ਕਿ ਕੱਚੇ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਰਕਾਰ ਵੱਲੋਂ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਸਫਾਈ ਸੇਵਕਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇ, 10 ਸਾਲਾਂ ਵਾਲੀ ਨੀਤੀ ਰੱਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ “ਬਰਾਬਰ ਕੰਮ, ਬਰਾਬਰ ਤਨਖਾਹ” ਦਾ ਸਿਧਾਂਤ ਲਾਗੂ ਕੀਤਾ ਜਾਵੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਵਿੱਚੋਂ ਕਿਸੇ ਵੀ ਮੰਗ ‘ਤੇ ਕੋਈ ਸਕਾਰਾਤਮਕ ਫ਼ੈਸਲਾ ਨਾ ਲੈਣ ਕਾਰਨ ਪੰਜਾਬ ਭਰ ਦੇ ਸਫਾਈ ਸੇਵਕਾਂ ਨੇ 8 ਜੁਲਾਈ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਯੂਨੀਅਨ ਦੇ ਸਕੱਤਰ ਪੰਕਜ ਕੁਮਾਰ, ਮੈਂਬਰ ਮੁਕੇਸ਼ ਕੁਮਾਰ, ਰਵੀ ਕੁਮਾਰ, ਨੀਤੂ ਰਾਣੀ, ਕਿਰਨਾ, ਕ੍ਰਿਸ਼ਨਾ, ਬੰਧਨਾ, ਸੁਨੀਤਾ ਰਾਣੀ, ਨਿਖਿਲ, ਸ਼ੇਖਰ, ਸੰਜੇ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ਸਨ।

About The Author