ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਹੰਡਿਆਇਆ ਸਫਾਈ ਸੇਵਕ ਯੂਨੀਅਨ ਵੱਲੋਂ ਸਖ਼ਤ ਨਿੰਦਾ

ਹੰਡਿਆਇਆ,22ਜੁਲਾਈ (ਰਾਕੇਸ਼ ਜੇਠੀ)- ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਹੰਡਿਆਇਆ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ ਅਤੇ ਮੀਤ ਪ੍ਰਧਾਨ ਰਾਣੀ ਹੰਡਿਆਇਆ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਫਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਬਰਨਾਲਾ ਵਿਖੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਜਾ ਰਹੀ ਸੀ, ਜਿਸ ਦਾ ਸਫਾਈ ਕਰਮਚਾਰੀਆਂ ਨੇ ਵਿਰੋਧ ਕੀਤਾ।
ਯੂਨੀਅਨ ਆਗੂਆਂ ਦੇ ਅਨੁਸਾਰ ਸਫਾਈ ਕਰਮਚਾਰੀਆਂ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਬਰਨਾਲਾ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਕਈ ਸਫਾਈ ਕਰਮਚਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਤੰਤਰਿਕ ਹੱਕਾਂ ਦਾ ਘਾਣ ਹੈ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੂੜੇ ਦੇ ਢੇਰਾਂ ਨੂੰ ਚੁੱਕਣ ਦੇ ਹੁਕਮਾਂ ਦੇ ਨਾਲ-ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਕਰਮਚਾਰੀਆਂ ਦੀਆਂ ਹੋਰ ਜਾਇਜ਼ ਮੰਗਾਂ ‘ਤੇ ਵੀ ਵਿਚਾਰ ਕਰਨ ਲਈ ਕਿਹਾ ਗਿਆ ਹੈ। ਪਰੰਤੂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹਦਾਇਤਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਸਕੱਤਰ ਪੰਕਜ ਕੁਮਾਰ, ਰਵੀ ਕੁਮਾਰ, ਵਿਸ਼ਾਲ ਕੁਮਾਰ, ਅਮਨਦੀਪ, ਰਾਣੀ, ਕ੍ਰਿਸ਼ਨਾ ਦੇਵੀ, ਸ਼ੇਖਰ ਕੁਮਾਰ, ਮੁਕੇਸ਼ ਕੁਮਾਰ, ਰਾਣੀ, ਸੰਜੇ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ਸਨ।
