ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲ ਬੈਗ

ਭੱਦਲਵੱਡ, 24ਜੁਲਾਈ(ਰਾਕੇਸ਼ ਜੇਠੀ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਬੈਗ ਵੰਡਣ ਦੀ ਲੜੀ ਜਾਰੀ ਹੈ। ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਵਿਖੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਖਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਉਤਸ਼ਾਹ ਮਿਲਦਾ ਹੈ ਅਤੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਵੀ ਮਜ਼ਬੂਤ ਹੁੰਦਾ ਹੈ।
ਬੈਗ ਵੰਡ ਸਮਾਗਮ ਦੌਰਾਨ ਡੀ.ਪੀ.ਈ. ਵਿਕਾਸ ਗੋਇਲ, ਸ੍ਰੀਮਤੀ ਕਵਿਤਾ, ਸ੍ਰੀ ਸਿਕੰਦਰ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਅਮਨ ਗੋਇਲ ਅਤੇ ਕਪਿਲ ਦਾਦੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਸ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜਵੰਤ ਸਿੰਘ, ਬਲਜਿੰਦਰ ਸਿੰਘ, ਜੋਗਾ ਸਿੰਘ, ਮਨਿੰਦਰ ਸਿੰਘ, ਸੱਤਪਾਲ ਸਿੰਘ ਅਤੇ ਜਗਸੀਰ ਸਿੰਘ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਹੂਲਤਾਂ ਨਾਲ ਉਨ੍ਹਾਂ ਦਾ ਹੌਸਲਾ ਹੋਰ ਵਧਿਆ ਹੈ।
