ਹੰਡਿਆਇਆ ਦੇ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਬੰਦ ਨੂੰ ਸਮਰਥਨ, ਹੱਕੀ ਮੰਗਾਂ ਅਤੇ ਲਾਠੀਚਾਰਜ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਹੰਡਿਆਇਆ, 30 ਜੁਲਾਈ(ਰਾਕੇਸ਼ ਜੇਠੀ): ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ 22 ਜੁਲਾਈ ਨੂੰ ਬਰਨਾਲਾ ਪੁਲਿਸ ਵੱਲੋਂ ਸਫਾਈ ਸੇਵਕਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਬੰਦ ਨੂੰ ਸਮਰਥਨ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਫਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਅਤੇ ਮੀਤ ਪ੍ਰਧਾਨ ਰਾਣੀ ਹੰਡਿਆਇਆ ਨੇ ਕਿਹਾ ਕਿ ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ 22 ਜੁਲਾਈ ਨੂੰ ਬਰਨਾਲਾ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਦੀ ਯੂਨੀਅਨ ਵੱਲੋਂ ਸਖ਼ਤ ਨਿੰਦਾ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸੇ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦਿੰਦਿਆਂ ਹੰਡਿਆਇਆ ਦੇ ਸਫਾਈ ਕਰਮਚਾਰੀਆਂ ਨੇ ਪੈਦਲ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਯੂਨੀਅਨ ਦੇ ਸਕੱਤਰ ਪੰਕਜ ਕੁਮਾਰ, ਨਿਖਿਲ ਕੁਮਾਰ, ਸ਼ੇਖਰ ਕੁਮਾਰ, ਸੋਨੂੰ ਕੁਮਾਰ, ਮੁਕੇਸ਼ ਕੁਮਾਰ, ਰਵੀ ਖੁੱਡੀ, ਅਮਨਦੀਪ ਸਮੇਤ ਹੋਰ ਸਫਾਈ ਸੇਵਕ ਅਤੇ ਦਫ਼ਤਰੀ ਸਟਾਫ਼ ਵੀ ਹਾਜ਼ਰ ਸਨ।
