ਇਨਸਾਫ਼ ਦੀ ਮੰਗ ਨੂੰ ਲੈ ਕੇ SSP ਦਫ਼ਤਰ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਲੜਕੀਆਂ

ਬਰਨਾਲਾ,19ਅਗਸਤ(ਰਾਕੇਸ਼ ਜੇਠੀ): ਅੱਜ ਉਸ ਸਮੇਂ ਐਸਐਸਪੀ ਦਫ਼ਤਰ ਬਰਨਾਲਾ ਵਿਖੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਤਿੰਨ ਲੜਕੀਆਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਪੱਤਰਕਾਰ ਮੌਕੇ ’ਤੇ ਪਹੁੰਚ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀਆਂ ਨੇ ਦੋਸ਼ ਲਗਾਇਆ ਕਿ ਵੱਖ-ਵੱਖ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ ਜਿਸਮਾਨੀ ਸ਼ੋਸ਼ਣ ਕੀਤਾ ਗਿਆ, ਪਰ ਹੁਣ ਉਹ ਵਿਅਕਤੀ ਵਿਆਹ ਕਰਨ ਤੋਂ ਮੁੱਕਰ ਗਏ ਹਨ। ਲੜਕੀਆਂ ਮੁਤਾਬਕ ਉਨ੍ਹਾਂ ਵੱਲੋਂ ਇਸ ਸਬੰਧੀ ਕੁਝ ਮਹੀਨੇ ਪਹਿਲਾਂ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਸਨ, ਪਰ ਉਨ੍ਹਾਂ ਨੂੰ ਬਣਦਾ ਇਨਸਾਫ਼ ਨਹੀਂ ਮਿਲਿਆ। ਇਸੇ ਕਾਰਨ ਉਨ੍ਹਾਂ ਨੇ ਆਪਣੀ ਆਵਾਜ਼ ਪ੍ਰਸ਼ਾਸਨ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਇਹ ਕਦਮ ਚੁੱਕਿਆ।
ਮੌਕੇ ’ਤੇ ਪਹੁੰਚੇ ਸਿਟੀ-2 ਥਾਣਾ ਬਰਨਾਲਾ ਦੇ ਐਸਐਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਤਿੰਨਾਂ ਲੜਕੀਆਂ—ਊਸ਼ਾ ਰਾਣੀ ਬਰਨਾਲਾ, ਮਨਪ੍ਰੀਤ ਕੌਰ ਗਾਗੇਵਾਲ ਅਤੇ ਸੰਦੀਪ ਕੌਰ ਦੀਵਾਨੇ—ਦੀਆਂ ਸ਼ਿਕਾਇਤਾਂ ਵੁਮਨ ਸੈੱਲ ਕੋਲ ਜਾਂਚ ਅਧੀਨ ਹਨ।
ਐਸਐਚਓ ਨੇ ਕਿਹਾ ਕਿ ਪੁਲਿਸ ਵੱਲੋਂ ਲੜਕੀਆਂ ਨੂੰ ਟੈਂਕੀ ਤੋਂ ਹੇਠਾਂ ਆਉਣ ਲਈ ਸਮਝਾਇਆ ਜਾ ਰਿਹਾ ਹੈ, ਤਾਂ ਜੋ ਬੈਠ ਕੇ ਮਾਮਲੇ ਸਬੰਧੀ ਗੱਲਬਾਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਤੱਥਾਂ ਦੇ ਆਧਾਰ ’ਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੜਕੀਆਂ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਲਿਸ ਜਾਂਚ ਜਾਰੀ ਹੈ।
