ਪ੍ਰੋਜੈਕਟ ਜੀਵਨਜੋਤ 2.0′ ਤਹਿਤ ਹੰਡਿਆਇਆ ਵਿਚ ਬਾਲ ਭੀਖ ਰੋਕਣ ਲਈ ਵਿਸ਼ੇਸ਼ ਮੁਹਿੰਮ

ਹੰਡਿਆਇਆ, 8 ਸਤੰਬਰ(ਰਾਕੇਸ਼ ਜੇਠੀ)- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਨਾਲਾ ਜ਼ਿਲ੍ਹੇ ਨੂੰ ‘ਚਾਈਲਡ ਬੈਗਿੰਗ ਮੁਕਤ’ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ‘ਪ੍ਰੋਜੈਕਟ ਜੀਵਨਜੋਤ 2.0’ ਅਧੀਨ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਹੰਡਿਆਇਆ ਵਿਖੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਿੱਖਿਆ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ।
ਇਸ ਅਭਿਆਨ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਇਸ ਮੁਹਿੰਮ ਦੌਰਾਨ ਬਚਾਅ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਖਾਸ ਕਰਕੇ ਸਲੱਮ ਏਰੀਆ ਵਿੱਚ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ।
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਕਾਨੂੰਨੀ ਜੁਰਮ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜਨਤਾ ਨੂੰ ਅਪੀਲ ਹੈ ਕਿ ਜੇਕਰ ਕਿਤੇ ਵੀ ਕੋਈ ਬੱਚਾ ਭੀਖ਼ ਮੰਗਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡਲਾਈਨ ਨੰਬਰ 1098 ਜਾਂ ਸਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਦਾ ਬਚਾਅ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ।
ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਰਨਾਲਾ ਤੋਂ ਸ਼੍ਰੀ ਬਲਵਿੰਦਰ ਸਿੰਘ ਧਲੇਵਾਂ, ਪੁਲਿਸ ਵਿਭਾਗ ਵੱਲੋਂ ਏ.ਐਸ.ਆਈ ਤਰਸੇਮ ਸਿੰਘ ਅਤੇ ਹੈੱਡ ਕਾਂਸਟੇਬਲ ਅਮਨਦੀਪ ਕੌਰ, ਕਾਨਸਟੇਬਲ ਲਵਜੀਤ ਸਿੰਘ ਅਤੇ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਕੁਲਦੀਪ ਸਿੰਘ ਤੌਰ ‘ਤੇ ਹਾਜ਼ਰ ਸਨ।
