ਗਡਵਾਸੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਆਯੋਜਿਤ

ਬਰਨਾਲਾ: ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਵੱਲੋਂ ਫਸਲ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਪ੍ਰੋਜੈਕਟ ਅਧੀਨ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਦੀ ਅਗਵਾਈ ਹੇਠ ਪਿੰਡ ਕਾਹਨੇਕੇ, ਜ਼ਿਲ੍ਹਾ ਬਰਨਾਲਾ ਵਿਖੇ ਝੋਨੇ ਦੀ ਪਰਾਲੀ ਦੇ ਇਨ-ਸੀਟੂ ਪ੍ਰਬੰਧਨ ਸਬੰਧੀ ਇੱਕ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਪਿੰਡ ਕਾਹਨੇਕੇ ਦੇ ਸਰਪੰਚ, ਵਾਰਡ ਮੈਂਬਰ ਅਤੇ ਹੋਰ ਪ੍ਰਗਤੀਸ਼ੀਲ ਕਿਸਾਨ ਵੀ ਸ਼ਾਮਲ ਸਨ।
ਇਸ ਮੌਕੇ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ, ਮਿੱਟੀ ਦੀ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ “ਖੇਤ ਦੀ ਪਰਾਲੀ, ਖੇਤ ਵਿੱਚ” ਦੇ ਸੰਦੇਸ਼ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ।

ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਝੋਨੇ ਦੀ ਕਟਾਈ ਸਟ੍ਰਾ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਨਾਲ ਲੈਸ ਕੰਬਾਈਨ ਹਾਰਵੈਸਟਰ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਆਸਾਨ ਹੋ ਜਾਂਦਾ ਹੈ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤ ਵਿੱਚ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਿਆ ਜਾ ਸਕਦਾ ਹੈ।
ਕੈਂਪ ਦੌਰਾਨ ਡਾ. ਸੁਰੇਂਦਰ ਸਿੰਘ, ਸਹਾਇਕ ਪ੍ਰੋਫੈਸਰ (ਖੇਤੀ ਵਿਗਿਆਨ), ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਖੇਤੀ ਮਸ਼ੀਨਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਡਾ. ਹਰਜੀਤ ਸਿੰਘ ਨੇ ਬਾਗਬਾਨੀ ਫਸਲਾਂ ਵਿੱਚ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਇਸ ਦੇ ਲਾਭਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸੇ ਤਰ੍ਹਾਂ ਡਾ. ਸੰਜੇ ਕੁਮਾਰ ਨੇ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਯੰਤਰਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।

ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੇ ਵੀ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜਰਬੇ ਅਤੇ ਸਵਾਲ ਸਾਂਝੇ ਕੀਤੇ।
