ਹੈਲਥ ਪ੍ਰੋਵਾਈਡਰ ਟ੍ਰੇਨਿੰਗ ਦੇ ਮੁੱਦੇ ’ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਹੋਈ ਵਿਚਾਰ-ਚਰਚਾ

ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਜ਼ਿਲ੍ਹਾ ਪੱਧਰ ’ਤੇ ਮਨਾਉਣ ਦਾ ਲਿਆ ਫ਼ੈਸਲਾ
ਬਰਨਾਲਾ,16 ਸਿਤੰਬਰ( ਰਾਕੇਸ਼ ਜੇਠੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਅੱਜ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਜੱਗਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਖ਼ਾਸ ਤੌਰ ’ਤੇ ਹੈਲਥ ਪ੍ਰੋਵਾਈਡਰ ਦੀ ਟ੍ਰੇਨਿੰਗ ਸਬੰਧੀ ਚੱਲ ਰਹੇ ਮੁੱਦੇ ’ਤੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜਿਨ੍ਹਾਂ ਸਾਥੀਆਂ ਵੱਲੋਂ ਅਜੇ ਤੱਕ ਸਬੰਧਤ ਫਾਰਮ ਨਹੀਂ ਭਰੇ ਗਏ, ਉਨ੍ਹਾਂ ਨੂੰ ਜਲਦ ਤੋਂ ਜਲਦ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਦੀ ਤਾਕੀਦ ਕੀਤੀ ਗਈ, ਤਾਂ ਜੋ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਜ਼ਿਲ੍ਹਾ ਪੱਧਰ ’ਤੇ ਮਨਾਉਣ ਸਬੰਧੀ ਵੀ ਫ਼ੈਸਲਾ ਲਿਆ ਗਿਆ। ਫ਼ੈਸਲੇ ਅਨੁਸਾਰ ਇਹ ਸਮਾਗਮ ਲਗਭਗ 1 ਅਕਤੂਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਮਰਜੀਤ ਸਿੰਘ ਕਾਲਸਾਂ, ਸੂਬਾ ਜੁਆਇੰਟ ਸਕੱਤਰ ਡਾ. ਰਣਜੀਤ ਸਿੰਘ ਸੋਹੀ, ਬਲਾਕ ਪ੍ਰਧਾਨ ਮਹਿਲਕਲਾਂ ਡਾ. ਦਲਵਾਰ ਸਿੰਘ, ਸੂਬਾ ਕਮੇਟੀ ਮੈਂਬਰ ਡਾ. ਕੇਸ਼ਰ ਖਾਨ, ਜ਼ਿਲ੍ਹਾ ਖ਼ਜ਼ਾਨਚੀ ਡਾ. ਜਗਰੂਪ ਸਿੰਘ ਬੜੈਚ, ਜ਼ਿਲ੍ਹਾ ਕਮੇਟੀ ਮੈਂਬਰ ਡਾ. ਬਾਰੂ ਮੁਹੰਮਦ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਡਾ. ਜਗਸੀਰ ਸਿੰਘ ਜੱਗੀ ਸੰਘੇੜਾ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਮੀਟਿੰਗ ਦੇ ਅੰਤ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਮੈਂਬਰਾਂ ਨਾਲ ਸਬੰਧਤ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਉਣ ਲਈ ਯਤਨ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਗਿਆ।
