ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਆਰਿਆ ਮਹਿਲਾ ਕਾਲਜ ਵਿਖੇ ਟੈਲੈਂਟ ਹੰਟ ਅਤੇ ਫ੍ਰੇਸ਼ਰਸ ਪਾਰਟੀ ਦਾ ਆਯੋਜਨ

WhatsApp Image 2026-09-17 at 17.42.26 (1)

ਬਰਨਾਲਾ, 17 ਸਤੰਬਰ(ਰਾਕੇਸ਼ ਜੇਠੀ)-: ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਆਰਿਆ ਮਹਿਲਾ ਕਾਲਜ, ਬਰਨਾਲਾ ਵਿਖੇ ਯੂਥ ਕਲੱਬ ਵੱਲੋਂ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਰਚਨਾਤਮਕ ਸਮਰੱਥਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਟੈਲੈਂਟ ਹੰਟ ਅਤੇ ਫ੍ਰੇਸ਼ਰਸ ਪਾਰਟੀ’ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਦਰਸ਼ਨ ਸ਼ਰਮਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।

ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਛੁਪੀ ਹੋਈ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਕਲਾ ਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਦਿਆਰਥਣਾਂ ਨੇ ਸਾਹਿਤ, ਸੰਗੀਤ, ਨ੍ਰਿਤ, ਨਾਟਕ, ਲੋਕ ਕਲਾਵਾਂ, ਫਾਈਨ ਆਰਟਸ, ਰੰਗੋਲੀ ਆਦਿ ਨਾਲ ਸਬੰਧਤ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਆਪਣੀ ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ।

ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਰਦਾਰ ਬਸੰਤ ਸਿੰਘ, ਹੈੱਡ ਐਚ.ਆਰ. ਐਡਮਿਨ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ, ਬਰਨਾਲਾ ਨੇ ਸ਼ਿਰਕਤ ਕੀਤੀ। ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ ਅਤੇ ਉਨ੍ਹਾਂ ਦੀ ਜੀਵਨ ਸਾਥੀ ਸਰਦਾਰਨੀ ਗੁਰਬਖਸ਼ ਕੌਰ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਸਰਦਾਰ ਬਸੰਤ ਸਿੰਘ ਜੀ ਅਤੇ ਉਨ੍ਹਾਂ ਦੀ ਜੀਵਨ ਸਾਥੀ ਸਰਦਾਰਨੀ ਗੁਰਬਖਸ਼ ਕੌਰ ਜੀ ਦਾ ਸਵਾਗਤ ਕਰਦਿਆਂ ਮੁੱਖ ਮਹਿਮਾਨ ਦੀ ਮਿਹਨਤੀ, ਬੌਧਿਕ ਸਮਰੱਥਾ ਨਾਲ ਭਰਪੂਰ, ਨਿਮਰ ਅਤੇ ਵਾਤਾਵਰਣ ਪ੍ਰੇਮੀ ਸ਼ਖ਼ਸੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਾਲਜ ਦੀ ਤਰੱਕੀ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਕਾਲਜ ਪ੍ਰਬੰਧਨ ਕਮੇਟੀ ਦਾ ਵੀ ਧੰਨਵਾਦ ਕੀਤਾ।

ਮੁੱਖ ਮਹਿਮਾਨ ਸਰਦਾਰ ਬਸੰਤ ਸਿੰਘ ਜੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਅਨੁਸ਼ਾਸਨ ਵਿੱਚ ਰਹਿਣ, ਅਧਿਆਪਕਾਂ ਅਤੇ ਆਪਣੇ ਵੱਡਿਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥਣਾਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।

ਕਾਲਜ ਦੇ ਜਨਰਲ ਸਕੱਤਰ ਸ਼੍ਰੀ ਕੇਵਲ ਜਿੰਦਲ ਨੇ ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਸਰਦਾਰ ਬਸੰਤ ਸਿੰਘ ਜੀ ਅਤੇ ਉਨ੍ਹਾਂ ਦੀ ਜੀਵਨ ਸਾਥੀ ਸਰਦਾਰਨੀ ਗੁਰਬਖਸ਼ ਕੌਰ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਕਾਲਜ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਨ ਵਿੱਚ ਹਮੇਸ਼ਾ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ।

ਫਾਈਨੈਂਸ ਸਕੱਤਰ ਡਾ. ਸੀ.ਏ. ਪ੍ਰਦੀਪ ਗੋਇਲ ਨੇ ਵੀ ਮੁੱਖ ਮਹਿਮਾਨ ਦੇ ਭਾਵਪੂਰਤ ਸ਼ਬਦਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਅਨੁਸ਼ਾਸਨ, ਕਰਮਠਤਾ ਅਤੇ ਮਿਹਨਤ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ਼੍ਰੀ ਰਾਮ ਕੁਮਾਰ, ਸ਼੍ਰੀ ਪ੍ਰਦੀਪ ਕੁਮਾਰ ਗੋਇਲ ਸਮੇਤ ਕਾਲਜ ਪ੍ਰਬੰਧਨ ਕਮੇਟੀ ਦੇ ਮੈਂਬਰ ਅਤੇ ਸੰਸਥਾ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ’ਤੇ ਮੌਜੂਦ ਰਿਹਾ। ਪ੍ਰੋਗਰਾਮ ਦੀ ਜ਼ਿੰਮੇਵਾਰੀ ਮੈਡਮ ਅਰਚਨਾ, ਡਾ. ਵੀਰਪਾਲ ਕੌਰ ਅਤੇ ਡਾ. ਜਸਵੀਰ ਕੌਰ ਵੱਲੋਂ ਸੰਭਾਲੀ ਗਈ। ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਅੰਤ ਵਿੱਚ ਕਾਲਜ ਪ੍ਰਬੰਧਨ ਵੱਲੋਂ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਿਦਿਆਰਥਣਾਂ ਦਾ ਹੌਸਲਾ ਵਧਾਉਣ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।

ਇਸ ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਅਤੇ ਰਚਨਾਤਮਕ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਸੁਚੱਜਾ ਮੰਚ ਮਿਲਿਆ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਤੇ ਸਿਰਜਣਾਤਮਕਤਾ ਨੂੰ ਹੋਰ ਉਤਸ਼ਾਹਿਤ ਕੀਤਾ ਗਿਆ।

About The Author

You may have missed