ਐਲ.ਬੀ.ਐਸ. ਆਰਿਆ ਮਹਿਲਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

PrimekhabarPunjab LBS

ਬਰਨਾਲਾ, 28 ਸਤੰਬਰ(ਰਾਕੇਸ਼ ਜੇਠੀ): ਸ੍ਰੀ ਐਲ.ਬੀ.ਐਸ. ਆਰਿਆ ਮਹਿਲਾ ਕਾਲਜ, ਬਰਨਾਲਾ ਵਿਖੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਯਤਨਾਂ ਸਦਕਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਪ੍ਰੋਗਰਾਮ ਅਫਸਰ ਮੈਡਮ ਅਰਚਨਾ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਵਿਚਾਰਾਂ ਨਾਲ ਸਬੰਧਤ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਭਾਸ਼ਣ ਮੁਕਾਬਲੇ ਵਿੱਚ ਰੁਪਿੰਦਰ ਕੌਰ (ਐਮ.ਏ. ਦੂਜਾ ਸਾਲ) ਨੇ ਪਹਿਲਾ ਸਥਾਨ, ਹਰਸ਼ਪ੍ਰੀਤ ਨੇ ਦੂਜਾ ਅਤੇ ਸੁਹਾਨੀ ਨੇ ਤੀਜਾ ਸਥਾਨ ਹਾਸਲ ਕੀਤਾ। ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਕੁਲਜੀਤ ਨੂੰ ਹੌਸਲਾ-ਅਫ਼ਜ਼ਾਈ ਪੁਰਸਕਾਰ ਦਿੱਤਾ ਗਿਆ।

ਇਸੇ ਤਰ੍ਹਾਂ ਕਵਿਤਾ ਮੁਕਾਬਲੇ ਵਿੱਚ ਸਿਮਰਨ (ਬੀ.ਏ. ਭਾਗ ਪਹਿਲਾ) ਨੇ ਪਹਿਲਾ ਸਥਾਨ, ਸ਼ਰਨਪ੍ਰੀਤ (ਐਮ.ਏ. ਦੂਜਾ ਸਾਲ) ਨੇ ਦੂਜਾ ਅਤੇ ਨਵਦੀਪ (ਐਮ.ਏ. ਦੂਜਾ ਸਾਲ) ਨੇ ਤੀਜਾ ਸਥਾਨ ਹਾਸਲ ਕੀਤਾ।

ਮੁਕਾਬਲਿਆਂ ਵਿੱਚ ਜੱਜਮੈਂਟ ਦੀ ਜ਼ਿੰਮੇਵਾਰੀ ਡਾ. ਸੁਰੀਤਾ ਮੈਡਮ, ਨੀਰੂ ਜੇਠੀ ਅਤੇ ਮੈਡਮ ਜੈਸਮੀਨ ਵੱਲੋਂ ਬਾਖ਼ੂਬੀ ਨਿਭਾਈ ਗਈ।

ਇਸ ਮੌਕੇ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਭਗਤ ਸਿੰਘ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਇੱਕ ਸੋਚ ਅਤੇ ਵਿਚਾਰਧਾਰਾ ਦਾ ਨਾਮ ਹੈ। ਉਨ੍ਹਾਂ ਨੂੰ ਸਿਰਫ਼ ਇੱਕ ਦਿਨ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ‘ਤੇ ਪਹਿਰਾ ਦੇਣ ਦੀ ਲੋੜ ਹੈ।” ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

About The Author

You may have missed