ਮੈਡ ਸੰਧੂ ਕਤਲ ਕਾਂਡ: ਮੁੱਖ ਮੁਲਜ਼ਮ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ, 3 ਪਿਸਤੌਲਾਂ ਸਮੇਤ ਅਸਲਾ ਬਰਾਮਦ

ਅੰਮ੍ਰਿਤਸਰ,14ਅਕਤੂਬਰ(ਰਾਕੇਸ਼ ਜੇਠੀ): ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਉਰਫ਼ ਮਧੂਸੂਦਨ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏ.ਟੀ.ਐੱਸ. ਦੇ ਸਹਿਯੋਗ ਨਾਲ ਅੰਜਾਮ ਦਿੱਤੀ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਂਝੀ ਕੀਤੀ।
3 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ ਕਤਲ
ਜ਼ਿਕਰਯੋਗ ਹੈ ਕਿ ਮੈਡ ਸੰਧੂ ਦਾ 3 ਅਕਤੂਬਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਇਲਾਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ, ਉਹ ਆਪਣੀ ਗੱਡੀ ਲੈਣ ਲਈ ਇੱਕ ਕਾਰ ਵਾਸ਼ਿੰਗ ਸੈਂਟਰ ਪਹੁੰਚਿਆ ਹੋਇਆ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਨੇੜੇ ਆ ਕੇ ਛਾਤੀ ਵਿੱਚ ਗੋਲੀਆਂ ਮਾਰ ਦਿੱਤੀਆਂ।ਗੰਭੀਰ ਜ਼ਖ਼ਮੀ ਹਾਲਤ ਵਿੱਚ ਮਧੂਸੂਦਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਅਸਲੇ ਦੀ ਬਰਾਮਦਗੀ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਪੁਲਿਸ ਵੱਲੋਂ ਕਤਲ ਦੇ ਪਿੱਛੇ ਦੇ ਕਾਰਨਾਂ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
